ਬਠਿੰਡਾ: ਪਿਛਲੇ ਦਿਨ੍ਹੀਂ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਦਲ ਅਤੇ ਵਿਰਸਾ ਸਿੰਘ ਵਲਟੋਹਾ ਵਿਚਕਾਰ ਸ਼ੁਰੂ ਹੋਈ ਸ਼ਬਦੀ ਜੰਗ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਘਟਨਾਕ੍ਰਮ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਜਿੱਥੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਗਿਆ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਵੀ ਤੇਜ਼ੀ ਨਾਲ ਡਿੱਗਿਆ। ਇਸ ਟੀਕਾ ਟਿੱਪਣੀ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲ ਕੇ ਅਸਤੀਫਾ ਨਾ ਦੇਣ ਲਈ ਬੇਨਤੀ ਕੀਤੀ ਕਿ ਉਥ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਸਿੰਘ ਸਾਹਿਬਾਨਾਂ 'ਤੇ ਟਿੱਪਣੀ ਨਿੰਦਣਯੋਗ
ਇਸ ਘਟਨਾਕ੍ਰਮ ਤੇ ਟਿੱਪਣੀ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਿੱਖਾਂ ਲਈ ਸਰਵਉੱਚ ਸ੍ਰੀ ਅਕਾਲ ਤਖਤ ਸਾਹਿਬ ਹੈ। ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਰੱਬੀ ਹੁਕਮ ਮੰਨ ਕੇ ਚਲਦਾ ਹੈ, ਪਰ ਜੋ ਘਟਨਾਕ੍ਰਮ ਵਾਪਰਿਆ ਅਜਿਹਾ ਨਹੀਂ ਵਾਪਰਨਾ ਚਾਹੀਦਾ ਸੀ। ਕਿਉਂਕਿ ਅੱਜ ਤੱਕ ਕਦੇ ਵੀ ਤਖਤ ਸਾਹਿਬਾਨਾਂ ਦੇ ਜਥੇਦਾਰਾਂ 'ਤੇ ਕਿਸੇ ਨੇ ਟਿੱਕਾ ਟਿੱਪਣੀ ਨਹੀਂ ਕੀਤੀ। ਆਪਸੀ ਵਿਚਾਰਕ ਮੱਤਭੇਦ ਜਰੂਰ ਚਲਦੇ ਰਹੇ ਹਨ, ਪਰ ਜਿਸ ਢੰਗ ਤਰੀਕੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ, ਅਜਿਹਾ ਹਰਗਿਜ਼ ਨਹੀਂ ਹੋਣਾ ਚਾਹੀਦਾ ਸੀ।
ਹੇਠਾਂ ਡਿੱਗਿਆ ਅਕਾਲੀ ਦਲ ਦਾ ਗ੍ਰਾਫ
ਇਹਨਾਂ ਮਤਭੇਦਾਂ ਕਾਰਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਡਿੱਗਿਆ। ਉਥੇ ਹੀ ਲੋਕਾਂ ਵਿੱਚ ਭਾਰੀ ਰੋਸ ਵੀ ਪਾਇਆ ਗਿਆ, ਉਹਨਾਂ ਕਿਹਾ ਕਿ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅਜਿਹੇ ਫੈਸਲੇ ਲਏ ਜਾਂਦੇ ਰਹੇ ਹਨ ਜਿਸ ਨਾਲ ਪਾਰਟੀ ਦਾ ਨੁਕਸਾਨ ਵੱਧਦਾ ਗਿਆ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟਦੇ ਗਏ। ਅੱਜ ਹਾਲਾਤ ਇਹ ਹਨ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਮਾਤਰ ਇੱਕ ਸੀਟ 'ਤੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਜਿੱਤ ਸਕਿਆ। ਹਾਲਾਤ ਜਿਹੋ ਜਿਹੇ ਵੀ ਰਹੇ ਪਰ ਇਨੀ ਪਤਲੀ ਹਾਲਤ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਤੱਕ ਵੇਖਣ ਨੂੰ ਨਹੀਂ ਮਿਲੀ।
ਉਹਨਾਂ ਕਿਹਾ ਕਿ ਪਾਰਟੀ ਨੂੰ ਸਵੈ ਪੜਚੋਲ ਦੀ ਲੋੜ ਹੈ ਅਤੇ ਪਾਰਟੀ ਪ੍ਰਧਾਨ ਨੂੰ ਵੱਡੇ ਦਿਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਇਕੱਠਾ ਕਰਨਾ ਚਾਹੀਦਾ ਹੈ ਅਤੇ ਹਰੇਕ ਦੇ ਵਿਚਾਰ ਸੁਣਨੇ ਚਾਹੀਦੇ ਹਨ, ਪਰ ਅਜਿਹਾ ਨਾ ਕਰਕੇ ਪਾਰਟੀ ਲਗਾਤਾਰ ਹਾਰ ਵੱਲ ਵਧਦੀ ਜਾ ਰਹੀ ਹੈ। ਹੁਣ ਵਿਰੋਧੀ ਵੀ ਇਹ ਗੱਲ ਕਹਿਣ ਲੱਗੇ ਹਨ ਕਿ ਪੰਜਾਬ ਦੇ ਹਿੱਤਾਂ ਲਈ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਜਿਉਂਦਾ ਰਹਿਣਾ ਜਰੂਰੀ ਹੈ।