ਪੰਜਾਬ 'ਚ ਬੇਅਦਬੀ ਦੀ ਵੱਡੀ ਘਟਨਾ (ETV Bharat Ferozepur) ਫ਼ਿਰੋਜ਼ਪੁਰ :ਪੰਜਾਬ ਵਿੱਚ ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ, ਉਥੇ ਹੀ ਧਾਰਮਿਕ ਜਗ੍ਹਾ ਉੱਪਰ ਹੋਣ ਵਾਲੀਆਂ ਕੁਝ ਘਟਨਾਵਾਂ ਦੇ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀਹੈ, ਜਿਸ ਕਾਰਨ ਕਈ ਵਾਰ ਅਜਿਹੇ ਮਾਮਲੇ ਵਿਵਾਦ ਦਾ ਕਾਰਨ ਵੀ ਬਣ ਜਾਂਦੇ ਹਨ। ਹੁਣ ਪੰਜਾਬ ਵਿੱਚ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਲਾਕੇ ਵਿੱਚ ਭਾਰੀ ਰੋਸ ਹੈ।
ਨੌਜਵਾਨ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਉਤਾਰਿਆ ਮੌਤ ਦੇ ਘਾਟ : ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫ਼ਿਰੋਜ਼ਪੁਰ ਦੇ ਜੀਰਾ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸ ਦਈਏ ਕਿ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦਾ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਜੀਰਾ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਨੌਜਵਾਨ ਦੀ ਪਛਾਣ ਬਖ਼ਸ਼ੀਸ਼ ਉਰਫ਼ ਗੋਲਾ :ਇਸ ਦੌਰਾਨ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ, ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਬਖ਼ਸ਼ੀਸ਼ ਉਰਫ਼ ਗੋਲਾ (ਉਮਰ 25) ਵਾਸੀ ਨੇੜਲੇ ਪਿੰਡ ਤਲੀ ਵਜੋਂ ਹੋਈ ਹੈ।
ਘਟਨਾ ਸੀਸੀਟੀਵੀ 'ਚ ਕੈਦ :ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਅਕਤੀ ਨੇ ਅਜਿਹਾ ਕਿਉਂ ਕੀਤਾ। ਘਟਨਾ ਅੱਜ ਦੁਪਹਿਰ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਲੋਕ ਸਭਾ ਚੋਣਾਂ ਦੌਰਾਨ ਅਜਿਹੀ ਘਟਨਾ ਦਾ ਵਾਪਰਨਾ ਆਪਣੇ ਆਪ ਵਿੱਚ ਇੱਕ ਵੱਡਾ ਸਵਾਲ ਹੈ।
'ਮੇਰੇ ਮੁੰਡੇ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ' : ਮ੍ਰਿਤਕ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਮੁੰਡੇ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ, ਪਿਛਲੇ ਦੋ ਸਾਲਾਂ ਤੋਂ ਉਸ ਦੀ ਦਵਾਈ ਚੱਲ ਰਹੀ ਸੀ। ਉਹਨਾਂ ਦੱਸਿਆ ਕਿ ਮੇਰੇ ਪੁੱਤ ਨੂੰ ਲੋਕਾਂ ਨੇ ਮੇਰੀਆਂ ਅੱਖਾਂ ਦੇ ਸਾਹਮਣੇ ਮਾਰ ਦਿੱਤਾ ਗਿਆ, ਇਥੇ ਹੀ ਬੱਸ ਨਹੀਂ ਉਹਨਾਂ ਨੇ ਮੈਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ, ਮੈਂ ਉੱਥੋਂ ਭੱਜ ਕੇ ਆਪਣੀ ਜਾਣ ਬਚਾਈ। ਉਹਨਾਂ ਰੋਸ ਜਤਾਉਂਦਿਆ ਦੱਸਿਆ ਕਿ ਮੈਂ ਗੁਰੂ ਘਰ ਵਿੱਚ ਮੌਜੂਦ ਲੋਕਾਂ ਨੂੰ ਆਪਣੇ ਮੁੰਡੇ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਦੇ ਸਬੂਤ ਵਜੋਂ ਡਾਕਟਰ ਦੀਆਂ ਪਰਚੀਆਂ ਵੀ ਦਿਖਾਈਆਂ ਪਰ ਉਹਨਾਂ ਮੇਰੀ ਇੱਕ ਨਾ ਸੁਣੀ, ਮੇਰੇ ਹੱਥੋਂ ਪਰਚੀਆਂ ਫੜ ਪਾੜ ਦਿੱਤੀਆਂ ਗਈਆਂ।