ਤਰਨ ਤਾਰਨ: ਬੀਤੇ ਕੁੱਝ ਦਿਨ ਪਹਿਲਾਂ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਗੈਰ ਕਾਨੂੰਨੀ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਉੱਠ ਰਹੀ ਸੀ। ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅਮਰੀਕਾ ਤੋਂ ਵਾਪਸ ਆਏ ਪੰਜਾਬੀ ਮੂਲ ਦੇ ਨੌਜਵਾਨਾਂ ਤੋਂ ਪੁੱਛਗਿੱਛ ਕਰਕੇ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ, ਡੀਜੀਪੀ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਵੀ ਗਠਨ ਕੀਤਾ ਹੈ।
ਟ੍ਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਦੀ ਸਖ਼ਤੀ (Etv Bharat) ਭੋਲੇ ਭਾਲੇ ਲੋਕਾਂ ਨੂੰ ਸ਼ਿਕਾਰ ਬਣਾਉਂਦੇ ਏਜੰਟ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਸਮੁੱਚੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਜ਼ਿਲ੍ਹੇ ਅੰਦਰ ਭੋਲੇ ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟਾਂ ਖਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇ। ਜਿਸ ਦੇ ਚੱਲਦੇ ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਹੈਡਕੁਆਟਰ ਤਰਨ ਤਾਰਨ ਵਿਖੇ ਐਸਪੀ ਪਰਵਿੰਦਰ ਕੌਰ ਵੱਲੋਂ ਟ੍ਰੈਵਲ ਏਜੰਟਾਂ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਗਈ।
ਪੁਲਿਸ ਕਰ ਰਹੀ ਸਖਤੀ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਪਰਵਿੰਦਰ ਕੌਰ ਨੇ ਕਿਹਾ ਕਿ ਅਸੀਂ ਇਸ ਕਾਨਫਰੰਸ ਰਾਹੀਂ ਉਨ੍ਹਾਂ ਟ੍ਰੈਵਲ ਏਜੰਟਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹਾਂ ਜੋ ਬਿਨਾਂ ਲਾਇਸੈਂਸ ਤੋਂ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ-ਠੋਰੀਆਂ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟ੍ਰੈਵਲ ਏਜੰਟਾਂ ਨੇ ਬਹੁਤ ਲੁੱਟ ਮਚਾਈ ਹੋਈ ਹੈ ਅਤੇ ਤਰਨ ਤਾਰਨ ਪੁਲਿਸ ਵੱਲੋਂ ਅਜਿਹੇ ਪੰਜ ਟ੍ਰੈਵਲ ਏਜੰਟਾਂ ਖਿਲਾਫ਼ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਜਿਹੇ ਟ੍ਰੈਵਲ ਏਜੰਟ ਜੋ ਬਿਨਾਂ ਲਾਇਸੈਂਸ ਅਤੇ ਜਿਨਾਂ ਵੱਲੋਂ ਲਾਇਸੈਂਸ ਹੋਣ ਦੇ ਬਾਵਜੂਦ ਵੀ ਆਪਣੇ ਲਾਇਸੈਂਸ ਰੀਨਿਊ ਨਹੀਂ ਕਰਵਾਏ ਹਨ, ਅਜਿਹੇ ਏਜੰਟਾਂ ਦੀਆਂ ਲਿਸਟਾਂ ਬਣਾਈਆਂ ਗਈਆਂ ਹਨ। ਜਿਨ੍ਹਾਂ ਖਿਲਾਫ਼ ਤਰਨ ਤਾਰਨ ਪੁਲਿਸ ਵੱਲੋਂ ਸਖ਼ਤੀ ਨਾਲ ਕਾਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਜਾ ਰਹੇ ਹਨ।