ਮਾਨਸਾ:ਭਾਨਾ ਸਿੱਧੂ ਦੀ ਰਿਹਾਈ ਲਈ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਉਣ ਲਈ ਜਾਣ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਨੇਤਾਵਾਂ ਨੂੰ ਘਰਾਂ ਦੇ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਮਾਨਸਾ ਵਿਖੇ ਕਿਸਾਨ ਨੇਤਾ ਰੁਲਦੂ ਸਿੰਘ ਨੂੰ ਘਰ ਦੇ ਵਿੱਚ ਨਜ਼ਰ ਬੰਦ ਕਰਕੇ ਪੁਲਿਸ ਦਾ ਪਹਿਰਾ ਲਗਾ ਦਿੱਤਾ ਗਿਆ ਹੈ।
ਭਾਨਾ ਸਿੱਧੂ ਗ੍ਰਿਫ਼ਤਾਰੀ ਮਾਮਲਾ: ਪੁਲਿਸ ਨੇ ਪਰਵਿੰਦਰ ਝੋਟਾ ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਕੀਤਾ ਨਜ਼ਰਬੰਦ
ਇੱਕ ਪਾਸੇ ਭਾਨਾ ਸਿੱਧੂ ਦੀ ਰਿਹਾਈ ਲਈ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਤਾਂ ਦੂਜੇ ਪਾਸੇ ਵੱਡੇ ਆਗੂਆਂ ਨੂੰ ਪੁਲਿਸ ਵੱਲੋਂ ਉਨ੍ਹਾਂ ਦੇ ਘਰਾਂ 'ਚ ਹੀ ਨਜ਼ਰਬੰਦ ਕੀਤਾ ਗਿਆ ਹੈ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ...
Published : Feb 3, 2024, 1:27 PM IST
ਘਰਾਂ 'ਚ ਬੰਦ ਆਗੂ:ਸੋਸ਼ਲ ਮੀਡੀਆ ਦੇ ਜ਼ਰੀਏ ਮਸ਼ਹੂਰ ਹੋਏ ਭਾਨਾ ਸਿੱਧੂ ਵੱਲੋਂ ਟਰੈਵਲ ਏਜੰਟਾਂ ਤੋਂ ਲੋਕਾਂ ਦੇ ਫਸੇ ਹੋਏ ਪੈਸੇ ਕਢਵਾਉਣ ਦੇ ਮਾਮਲੇ ਵਿੱਚ ਦਰਜ ਹੋਏ ਪਰਚਿਆਂ ਦੇ ਬਾਅਦ ਅੱਜ ਉਸਦੀ ਰਿਹਾਈ ਕਰਵਾਉਣ ਦੇ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ ਅਤੇ ਅੱਜ ਧਰਨੇ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਹੀ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ, ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਗੁਰਸੇਵਕ ਸਿੰਘ ਜਵਾਹਰਕੇ ਨੂੰ ਪੁਲਿਸ ਵੱਲੋਂ ਘਰ ਦੇ ਵਿੱਚ ਹੀ ਨਜ਼ਰ ਬੰਦ ਕਰ ਲਿਆ ਗਿਆ ਹੈ ਅਤੇ ਉਹਨਾਂ ਨੂੰ ਸੰਗਰੂਰ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਸਰਕਾਰ ਦੀ ਤਾਹਨਾਸ਼ਾਹੀ: ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਾਨਾਸ਼ਾਹ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਜੋ ਵੀ ਕਿਸੇ ਦੇ ਹੱਕਾਂ ਦੀ ਗੱਲ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਵਿੱਚ ਡੱਕਿਆ ਜਾ ਰਿਹਾ ਹੈ। ਇਸੇ ਤਹਿਤ ਹੀ ਪਿਛਲੇ ਦਿਨੀਂ ਭਾਨਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ ।ਜਿਸ 'ਤੇ ਲਗਾਤਾਰ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਅੱਜ ਭਾਨੇ ਸਿੱਧੂ ਦੀ ਰਿਹਾਈ ਦੇ ਲਈ ਸ਼ਾਂਤਮਈ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਪੁਲਿਸ ਵੱਲੋਂ ਉਸ ਤੋਂ ਪਹਿਲਾਂ ਹੀ ਆਗੂਆਂ ਨੂੰ ਘਰਾਂ ਦੇ ਵਿੱਚ ਨਜ਼ਰ ਬੰਦ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਲੋਕਾਂ ਦੇ ਮਨਾਂ ਦੇ ਵਿੱਚ ਹੋਰ ਵੀ ਗੁੱਸਾ ਪੈਦਾ ਹੋਵੇਗਾ। ਉਹਨਾਂ ਕਿਹਾ ਕਿ ਜਦੋਂ ਤੱਕ ਭਾਨਾ ਸਿੱਧੂ ਦੀ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਸ ਤਰ੍ਹਾਂ ਦੇ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।