ਪਟਿਆਲਾ: ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। ਇਹ ਗੱਲ ਭਾਜਪਾ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਸਾਂਝੀ ਕੀਤੀ।
ਸਿਰਫ ਸੱਤਾ 'ਚ ਦਿਲਚਸਪੀ ਰੱਖਦੀ AAP: ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ ਲਈ ਸਖ਼ਤ ਫਟਕਾਰ ਲਗਾਈ ਸੀ। ਇਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਰਟ ਨੇ ਇੱਥੋਂ ਤੱਕ ਕਿਹਾ ਕਿ 'ਆਪ' ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਿਰਫ ਸੱਤਾ 'ਚ ਦਿਲਚਸਪੀ ਰੱਖਦੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਦੇ ਪੱਧਰ ਨੂੰ ਵਧਾ-ਚੜ੍ਹਾ ਕੇ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਇਸ ਗੱਲ ਤੋਂ ਅਣਜਾਣ ਹਨ ਕਿ ਅੱਜ ਬੱਚਿਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ। ਜੇਕਰ ਕੇਜਰੀਵਾਲ ਨੂੰ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਹੁੰਦੀ ਤਾਂ ਉਹ ਬੱਚਿਆਂ ਦੇ ਭਵਿੱਖ ਨੂੰ ਪਹਿਲ ਦੇ ਕੇ ਅਸਤੀਫਾ ਦੇ ਕੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੁਆਰਾ ਬਣਾਏ ਗਏ ਭਾਰਤੀ ਸੰਵਿਧਾਨ ਪ੍ਰਤੀ ਸਤਿਕਾਰ ਵਧਾਉਣਾ ਚਾਹਿਦਾ ਸੀ।