ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ।ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਅਤੇ ਆਪਣੀ ਰਿਹਾਇਸ਼ ਥਾਂਵਾਂ ਉਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
ਵਾਤਾਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ:ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸੋਲਰ ਪੈਨਲ ਲਗਾਉਣ, ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਪੌਦੇ ਲਗਾਉਣ ਨੂੰ ਤਰਜੀਹ ਦਿੱਤੀ ਗਈ।ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਐਕਸ ਸੀਟੂ ਤੇ ਇਨ ਸੀਟੂ ਕੰਮ ਕੀਤੇ ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ 30 ਫੀਸਦੀ ਕੇਸ ਘਟੇ ਅਤੇ ਇਹ ਟੀਚਾ ਹੋਰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।