ਮਾਨਸਾ: ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨੀ ਅੰਦੋਲਨ ਦੇ ਦੌਰਾਨ ਪਿਛਲੇ ਦਿਨੀਂ 24 ਸਤੰਬਰ ਨੂੰ ਖਨੌਰੀ ਬਾਰਡਰ 'ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ। ਇਸ ਖੁਦਕੁਸ਼ੀ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਪਰਿਵਾਰ ਦੇ ਲਈ 25 ਲੱਖ ਰੁਪਏ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ਦੇ ਪਟਿਆਲਾ-ਬਠਿੰਡਾ ਅਤੇ ਲੁਧਿਆਣਾ-ਸਿਰਸਾ ਚੌਂਕ ਦੇ ਵਿੱਚ ਕਿਸਾਨਾਂ ਵੱਲੋਂ ਧਰਨਾ ਲਾ ਕੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ (ETV BHARAT) ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ
ਕਾਬਿਲੇਗੌਰ ਹੈ ਕਿ ਮ੍ਰਿਤਕ ਕਿਸਾਨ ਦੀ ਖੁਦਕੁਸ਼ੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਉਸ ਦੇ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਇਸ ਮਸਲੇ 'ਤੇ ਅਜੇ ਤੱਕ ਕੋਈ ਸਹਿਮਤੀ ਨਾ ਬਣਨ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਦੇ ਪਟਿਆਲਾ-ਬਠਿੰਡਾ ਅਤੇ ਲੁਧਿਆਣਾ-ਸਿਰਸਾ ਵਾਲੇ ਮੇਨ ਚੌਂਕ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਖਨੌਰੀ ਬਾਰਡਰ 'ਤੇ ਕੀਤੀ ਸੀ ਖੁਦਕੁਸ਼ੀ
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਵਿੱਚ 13 ਫਰਵਰੀ ਤੋਂ ਲਗਾਤਾਰ ਸੰਘਰਸ਼ ਦਾ ਹਿੱਸਾ ਬਣੇ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਜੋ ਕਿ ਬੇਜ਼ਮੀਨਾ ਹੈ ਅਤੇ ਉਸ ਦੇ ਪਰਿਵਾਰ ਵਿੱਚ ਇੱਕ ਧੀ ਜੋ ਵਿਆਹੁਣਯੋਗ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਆਰਥਿਕ ਸਥਿਤੀ ਚੰਗੀ ਨਾ ਹੋਣ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ 20 ਤੋਂ 25 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
ਪ੍ਰਸ਼ਾਸਨ ਨਾਲ ਮੀਟਿੰਗ ਰਹਿ ਚੁੱਕੀ ਬੇਸਿੱਟਾ
ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਅਧਿਕਾਰੀਆਂ ਦੇ ਨਾਲ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ ਸੀ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਅਣਮਿੱਥੇ ਸਮੇਂ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।