ਬਰਨਾਲਾ:ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਦੇ ਲਈ ਸੰਗਰੂਰ ਦੇ ਡੀਸੀ ਦਫਤਰ ਅੱਗੇ ਪਿਛਲੇ 53 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ ਦੇ ਨਾਲ ਨਾਲ ਵੱਖ-ਵੱਖ ਸੰਘਰਸ਼ੀ ਐਕਸ਼ਨ ਉਲੀਕੇ ਜਾ ਰਹੇ ਹਨ। ਹਾਲੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ।
ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
ਇਸੇ ਲੜੀ ਦੇ ਅਧੀਨ ਸੂਬੇ ਭਰ ਤੋਂ ਕੰਪਿਊਟਰ ਅਧਿਆਪਕਾਂ ਨੇ ਬਰਨਾਲਾ ਵਿਖੇ ਇਕੱਠੇ ਹੁੰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਕਮੇਟੀ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਬੁਲੰਦ ਕੀਤੀ। ਜ਼ਿਮਨੀ ਚੋਣਾਂ ਤੋਂ ਪਹਿਲਾਂ ਸਰਕਾਰ ਖਿਲਾਫ ਹੋਏ ਇਸ ਜਬਰਦਸਤ ਰੋਸ਼ ਪ੍ਰਦਰਸ਼ਨ ਦੇ ਕਾਰਨ ਸਰਕਾਰ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਕੰਪਿਊਟਰ ਅਧਿਆਪਕਾਂ ਵੱਲੋਂ 3 ਨਵੰਬਰ ਨੂੰ ਮੁੜ ਗਿੱਦੜਬਾਹਾ ਵਿਖੇ ਸੂਬਾ ਪੱਧਰੀ ਐਕਸ਼ਨ ਕਰਨ ਦਾ ਵੀ ਐਲਾਨ ਕੀਤਾ ਗਿਆ, ਜੋ ਜ਼ਿਮਨੀ ਚੋਣਾਂ ਵਿਚ ਸਰਕਾਰ ਦੀਆਂ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ।
ਸਰਕਾਰ ਖਿਲਾਖ਼ ਕੱਢਿਆ ਵਿਸ਼ਾਲ ਮਸ਼ਾਲ ਮਾਰਚ
ਸੂਬੇ ਭਰ ਤੋਂ ਪਹੁੰਚੇ ਕੰਪਿਊਟਰ ਅਧਿਆਪਕਾਂ ਨੇ ਬਰਨਾਲਾ ਰੇਲਵੇ ਸਟੇਸ਼ਨ ਦੇ ਕੋਲ ਇਕੱਠੇ ਹੁੰਦੇ ਹੋਏ ਸਭ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਇੱਕ ਵਿਸ਼ਾਲ ਮਸ਼ਾਲ ਮਾਰਚ ਵੀ ਕੱਢਿਆ ਗਿਆ। ਇਸ ਮਗਰੋਂ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਪਹੁੰਚ ਕੇ ਨਾਅਰੇਬਾਜ਼ੀ ਕੀਤੀ ਗਈ।