ਨਾਜਾਇਜ਼ ਉਸਾਰੀਆਂ ਖਿਲਾਫ਼ ਐਕਸ਼ਨ (ETV BHARAT) ਬਠਿੰਡਾ:ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਘਰਾਂ ਦੇ ਬਾਹਰ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ 'ਤੇ ਅੱਜ ਪੁੱਡਾ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਜੇਸੀਬੀ ਮਸ਼ੀਨਾਂ ਰਾਹੀਂ ਘਰਾਂ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ।
ਅਦਾਲਤੀ ਹੁਕਮਾਂ ਤੋਂ ਬਾਅਦ ਕਾਰਵਾਈ:ਪੁੱਡਾ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਅਦਾਲਤ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਹੋਈ ਸੀ, ਜਿਸ ਤੋਂ ਬਾਅਦ ਅਦਾਲਤ ਦੇ ਹੁਕਮ ਆਏ ਹੋਏ ਸਨ ਕਿ ਪੌਸ਼ ਇਲਾਕੇ ਦੇ ਵਿੱਚ ਘਰਾਂ ਦੇ ਬਾਹਰ ਕੀਤੇ ਨਾਜਾਇਜ਼ ਉਸਾਰੀਆਂ ਨੂੰ ਹਟਾਇਆ ਜਾਵੇ। ਇਹਨਾਂ ਹੁਕਮਾਂ ਤੋਂ ਬਾਅਦ ਅੱਜ ਪੁੱਡਾ ਵੱਲੋਂ ਇਹ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ।
ਲੋਕਾਂ ਨੂੰ ਭੇਜੇ ਸੀ ਕਈ ਨੋਟਿਸ: ਇਸ ਮੌਕੇ ਡਿਊਟੀ ਮੈਜਿਸਟਰੇਟ ਨੇ ਕਿਹਾ ਕਿ ਅਦਾਲਤੀ ਹੁਕਮਾਂ ਨੂੰ ਇਨ ਬਿਨ ਲਾਗੂ ਕਰਨ ਲਈ ਨਾਜਾਇਜ਼ ਕਬਜ਼ੇ ਕਰਕੇ ਬੈਠੇ ਲੋਕਾਂ ਨੂੰ ਅਗੇਤੇ ਨੋਟਿਸ ਪੁੱਡਾ ਵੱਲੋਂ ਭੇਜੇ ਗਏ ਸਨ। ਜਿਸ ਦੇ ਚੱਲਦੇ ਕੁਝ ਘਰਾਂ ਵੱਲੋਂ ਘਰਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ੇ ਖੁਦ ਹੀ ਹਟਾ ਲਏ ਸਨ ਅਤੇ ਕੁਝ ਘਰਾਂ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਪੁੱਡਾ ਵੱਲੋਂ ਜੇਸੀਬੀ ਮਸ਼ੀਨਾਂ ਰਾਹੀਂ ਇਹਨਾਂ ਨਾਜਾਇਜ਼ ਕਬਜ਼ਿਆ ਨੂੰ ਹਟਾਇਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਬਾਹਰ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਖੁਦ ਹੀ ਹਟਾ ਲੈਣ ਨਹੀਂ ਮਜਬੂਰਨ ਉਹਨਾਂ ਨੂੰ ਇਹ ਨਾਜਾਇਜ਼ ਕਬਜ਼ੇ ਹਟਾਉਣੇ ਪੈਣਗੇ।
ਲੋਕਾਂ ਨੇ ਕੀਤਾ ਕਾਰਵਾਈ ਦਾ ਵਿਰੋਧ:ਉਧਰ ਦੂਸਰੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਕਿਸੇ ਤਰ੍ਹਾਂ ਦੇ ਕੋਈ ਵੀ ਨੋਟਿਸ ਨਹੀਂ ਦਿੱਤੇ ਗਏ। ਅੱਜ ਅਚਾਨਕ ਹੀ ਉਹਨਾਂ ਵੱਲੋਂ ਇਹ ਕਾਰਵਾਈ ਸ਼ੁਰੂ ਕਰ ਦਿੱਤੀ ਗਈ, ਜਿਸ ਕਾਰਨ ਉਹਨਾਂ ਦਾ ਕਾਫੀ ਮਾਲੀ ਨੁਕਸਾਨ ਹੋਇਆ ਹੈ। ਹੁਣ ਪੁੱਡਾ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਵਿੱਚ ਵੀ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਘਰ ਦੇ ਬਾਹਰ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ ਅਤੇ ਕਿਸੇ ਦੇ ਘਰ ਅੱਗੇ ਨਾਜਾਇਜ਼ ਕਬਜ਼ੇ ਨਹੀਂ ਹਟਾਏ ਜਾ ਰਹੇ, ਜਿਸ ਕਾਰਨ ਲੋਕਾਂ ਵਿੱਚ ਵੱਡਾ ਰੋਸ ਹੈ।