ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਲਗਾਤਾਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਮੂਸੇਵਾਲਾ ਦੇ ਕਾਤਲਾਂ ਦੀ ਕੀਤੀ ਸੀ ਮਦਦ:ਡੀਜੀਪੀ ਯਾਦਵ ਨੇ ਟਵੀਟ ਕਰਦਿਆ ਲਿਖਿਆ ਕਿ ਮਨਦੀਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ। ਇਨ੍ਹਾਂ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਵੀ ਮਦਦ ਕੀਤੀ ਸੀ।
ਫੜ੍ਹੇ ਗਏ ਮੁਲਜ਼ਮਾਂ 'ਤੇ ਪਹਿਲਾਂ ਵੀ ਮਾਮਲੇ ਦਰਜ: ਦੋਵੇਂ ਮੁਲਜ਼ਮਾਂ ਦੀ ਅਪਰਾਧਿਕ ਹਿਸਟਰੀ ਹੈ, ਜਿਨ੍ਹਾਂ ਖ਼ਿਲਾਫ਼ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਡਕੈਤੀ, ਅਸਲਾ ਐਕਟ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਤੋਂ ਇਲਾਵਾ, ਗ੍ਰਿਫਤਾਰ ਮੁਲਜ਼ਮਾਂ ਕੋਲੋਂ 2 ਪਿਸਤੌਲਾਂ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਸਾਲ 2022 'ਚ ਹੋਇਆ ਸੀ ਮੂਸੇਵਾਲਾ ਦਾ ਕਤਲ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਇਸ ਮਾਮਲੇ 'ਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਹਰਿਆਣਾ ਦੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਸੀ।
ਦੋ ਗੈਂਗਸਟਰਾਂ ਦਾ ਹੋਇਆ ਐਨਕਾਉਂਟਰ:ਇਸ ਦੇ ਨਾਲ ਹੀ, ਪੰਜਾਬ ਦੇ ਨਿਸ਼ਾਨੇਬਾਜ਼ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਅਟਾਰੀ ਵਿੱਚ ਇੱਕ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 35 ਤੋਂ ਵੱਧ ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਕਤਲ ਨੂੰ ਲਾਰੈਂਸ ਗੈਂਗ ਦੀ ਸਾਜ਼ਿਸ਼ ਦੱਸਿਆ ਗਿਆ ਸੀ ਜਿਸ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਵਿਦੇਸ਼ ਬੈਠਾ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆਂ ਉੱਤੇ ਪੋਸਟ ਸਾਂਝੀ ਕਰਕੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।