ਅੰਮ੍ਰਿਤਸਰ: ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਸਮੇਤ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਬਾਜ਼ਾਰਾਂ ਅਤੇ ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਵਿੱਚ ਦੁਕਾਨਾਂ ਦੇ ਬਾਹਰ ਪੋਸਟਰ ਚਿਪਕਾ ਕੇ ਬੰਦ ਦਾ ਸੱਦਾ ਦਿੱਤਾ ਗਿਆ ਤੇ ਲੋਕਾਂ ਨੂੰ ਬੰਦ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।
ਸਾਰੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ
ਸਰਵਨ ਸਿੰਘ ਪੰਧੇਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ 30 ਦਸੰਬਰ ਨੂੰ ਪੂਰਾ ਪੰਜਾਬ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਬੰਦ ਰਹੇਗਾ। ਉਹਨਾਂ ਕਿਹਾ ਕਿ ਇਸ ਵਿੱਚ ਸਾਨੂੰ ਸਾਰੇ ਦੁਕਾਨਦਾਰਾਂ, ਸਟੂਡੈਂਟ ਯੂਨੀਅਨ, ਵਪਾਰੀਆਂ, ਟ੍ਰਾਂਸਪੋਰਟਾਂ, ਕਿਸਾਨਾਂ ਤੇ ਆਮ ਜਨਤਾ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਸਾਨੂੰ ਸਮਰਥਨ ਦੇ ਕੇ ਪੂਰਾ ਪੰਜਾਬ ਬੰਦ ਕਰ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾਵੇ।