ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਨੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਿਹਾ ਹੈ। ਪੱਤਰ ਚੋਣਾਂ ਸਬੰਧੀ ਸੂਬੇ ਦੇ ਦਿਹਾਤੀ ਖੇਤਰਾਂ ਵਿੱਚ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਉਪਾਵਾਂ ਬਾਰੇ ਲਿਖਿਆ ਗਿਆ ਹੈ। ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਕੇਂਦਰੀ ਬਲ ਤਾਇਨਾਤ ਕਰਨ ਦੇ ਨਾਲ-ਨਾਲ ਵੋਟਿੰਗ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਨਿਰਵਿਘਨ ਵੋਟਿੰਗ ਲਈ ਅਪੀਲ:ਜਾਖੜ ਨੇ ਪੱਤਰ ਵਿੱਚ ਲਿਖਿਆ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿਵੋਟਾਂ ਵਾਲੇ ਦਿਨ ਕੋਈ ਵੀ ਵਿਘਨ ਨਾ ਪਵੇ ਅਤੇ ਨਾ ਹੀ ਕਿਸੇ ਵੋਟਰ ਨੂੰ ਰੋਕਿਆ ਜਾਵੇ। ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਰੀਬ ਅਤੇ ਕਮਜ਼ੋਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਅਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੇਂਡੂ ਖੇਤਰਾਂ ਵਿੱਚ ਆਬਜ਼ਰਵਰ ਤਾਇਨਾਤ ਕੀਤੇ ਜਾਣ।
ਡਰ ਅਤੇ ਸਹਿਮ ਦਾ ਮਾਹੌਲ: ਸੁਨੀਲ ਜਾਖੜ ਨੇ ਪੱਤਰ 'ਚ ਕਿਹਾ ਹੈ ਕਿ ਸੂਬੇ ਦੇ ਕਈ ਹਿੱਸਿਆਂ ਖਾਸ ਕਰਕੇ ਪੇਂਡੂ ਖੇਤਰਾਂ 'ਚ ਭਾਜਪਾ ਉਮੀਦਵਾਰਾਂ ਅਤੇ ਵਰਕਰਾਂ 'ਤੇ ਕਿਸਾਨਾਂ ਦੇ ਨਾਂ 'ਤੇ ਹੋਰ ਸਿਆਸੀ ਪਾਰਟੀਆਂ ਦੇ ਲੋਕਾਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਜਿਸ ਕਾਰਨ ਸੂਬੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਉਮੀਦਵਾਰਾਂ ਅਤੇ ਵਰਕਰਾਂ ਬਾਰੇ ਬਹੁਤ ਸਾਰੀ ਜਾਣਕਾਰੀ ਪੇਂਡੂ ਖੇਤਰਾਂ ਤੋਂ ਆ ਰਹੀ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਕੱਲ੍ਹ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਹੋਏ ਹੰਗਾਮੇ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ।
ਦੱਸ ਦਈਏ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਵਿਰੋਧ ਹੋ ਰਿਹਾ ਹੈ। ਇਹ ਵਿਰੋਧ ਕਿਸਾਨ ਖੁਦ ਕਰ ਰਹੇ ਹਨ ਕਿਉਂਕਿ ਪਹਿਲਾਂ ਹੀ ਉਨ੍ਹਾਂ ਵੱਲੋਂ ਭਾਜਪਾ ਉੱਤੇ ਵਧੀਕੀਆਂ ਕਰਨ ਦਾ ਇਲਜ਼ਾਮ ਲਾਇਆ ਗਿਆ ਸੀ ਅਤੇ ਹੁਣ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛ ਰਹੇ ਹਨ। ਦੂਜੇ ਪਾਸੇ ਸੁਨੀਲ ਜਾਖੜ ਇਸ ਮੁੱਦੇ ਨੂੰ ਲੈਕੇ ਵਿਰੋਧੀਆਂ ਉੱਤੇ ਸ਼ੱਕ ਜਤਾ ਰਹੇ ਹਨ ਅਤੇ ਮੁੱਖ ਚੋਣ ਅਧਿਕਾਰੀ ਕੋਲ ਵੀ ਉਨ੍ਹਾਂ ਪਹੁੰਚ ਕੀਤੀ ਹੈ।