ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਉਸ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਘਰ ਦੇ ਬਾਹਰ ਆਪਸੀ ਰੰਜਿਸ਼ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਲੋਕ ਗੈਰ ਕਾਨੂੰਨੀ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਨ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਧਾਰਨਾ ਪ੍ਰਦਰਸ਼ਨ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਇਸ ਲਈ ਇਨ੍ਹਾਂ ਸਾਰੇ ਪ੍ਰਦਰਸ਼ਨਕਾਰੀਆਂ ਉੱਤੇ ਕਾਨੂੰਨੀ ਕਾਰਵਾਈ ਜਾ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਕਥਿਤ ਵੀਡੀਓ ਵੀ ਆਈਆਂ ਸਾਹਮਣੇ:ਦੱਸ ਦਈਏ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਘਰ ਬਾਹਰ ਤੋਂ ਸੋਸ਼ਲ ਮੀਡੀਆ ਰਾਹੀਂ ਕੁੱਝ ਵੀਡੀਓ ਕਲਿੱਪਾਂ ਵੀ ਕਥਿਤ ਤੌਰ ਉੱਤੇ ਸਾਹਮਣੇ ਆਈਆਂ ਹਨ। ਇਨ੍ਹਾਂ ਕਲਿੱਪਾਂ ਵਿੱਚ ਕੁੱਝ ਲੋਕ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਤੇ ਪੋਸਟਰ ਫਾੜਦੇ ਵਿਖਾਈ ਦੇ ਰਹੇ ਹਨ। ਇਸ ਨੂੰ ਅਧਾਰ ਬਣਾ ਕੇ ਹੀ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਭਾਜਪਾ ਉੱਤੇ 'ਆਪ' ਦੇ ਇਲਜ਼ਾਮ:ਆਮ ਆਦਮੀ ਪਾਰਟੀ ਵੱਲੋਂ ਬਹੁਤ ਲੰਮੇਂ ਸਮੇਂ ਤੋਂ ਭਾਜਪਾ ਉੱਤੇ ਇਹ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਹੁਣ ਆਪ ਦੇ ਲੀਡਰਾਂ ਦਾ ਕਹਿਣਾ ਹੈ ਕਿ 25 ਕਰੋੜ ਦੀ ਆਫਰ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦਾ ਭਾਜਪਾ ਵਿੱਚ ਸ਼ਾਮਿਲ ਹੋਣਾ ਵੀ ਇਸ ਆਫਰ ਵੱਲ ਇਸ਼ਾਰਾ ਹੈ।
ਇਸ ਤੋਂ ਪਹਿਲਾਂ ਬੀਤੇ ਦਿਨ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਵੀ ਸੀਐੱਮ ਮਾਨ ਨੇ ਅਸਿੱਧੇ ਸ਼ਬਦਾਂ ਵਿੱਚ ਲਪੇਟਿਆ ਸੀ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਕਿ, ' ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ,'। ਦੂਜੇ ਪਾਸੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਦਾ ਕਹਿਣਾ ਹੈ, ''ਇਹ ਸੱਚ ਹੈ ਕਿ ਮੈਂ ਜਲੰਧਰ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ ਕਿਉਂਕਿ ਮੇਰੀ ਪਾਰਟੀ (ਆਪ) ਨੇ ਮੈਨੂੰ ਸਮਰਥਨ ਨਹੀਂ ਦਿੱਤਾ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਯੂਨੀਅਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹਾਂ।