ਚੰਡੀਗੜ੍ਹ:15 ਅਗਸਤ ਤੋਂ ਮਹਿਜ਼ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 14 ਅਗਸਤ ਨੂੰ ਪੰਜਾਬ ਵਜ਼ਾਰਤ ਦੀ ਮੀਟਿੰਗ ਸੱਦੀ ਗਈ ਹੈ।ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ। ਇਹ ਮੀਟਿੰਗ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਵਿੱਚ ਹੋਵੇਗੀ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹਾਜ਼ਰ ਹੋਣਗੇ। ਦਸ ਦਈਏ ਕਿ ਤਕਰੀਬਨ ਪੰਜ ਮਹੀਨਿਆਂ ਬਾਅਦ ਕੈਬਨਿਟ ਦੀ ਮੀਟਿੰਗ ਬੁਲਾਈ ਜਾ ਰਹੀ ਹੈ। ਪੰਜਾਬ ਪੰਚਾਇਤੀ ਐਕਟ ਸੋਧ ਬਿਲ ਅਤੇ ਨਵਾਂ ਸੈਸ਼ਨ ਬੁਲਾਉਣ ਨੂੰ ਲੈ ਕੇ ਮੋਹਰ ਲੱਗਣ ਦੀ ਸੰਭਾਵਨਾ ਹੈ।
ਕਦੋਂ ਹੋਇਆ ਮੀਟਿੰਗ ਦਾ ਐਲਾਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 14 ਅਗਸਤ ਦਿਨ ਬੁੱਧਵਾਰ ਨੂੰ ਬੁਲਾਈ ਜਾ ਰਹੀ ਹੈ। ਬਜਟ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਮਾਨਸੂਨ ਸੈਸ਼ਨ ਜਲਦੀ ਹੀ ਬੁਲਾਇਆ ਜਾ ਸਕਦਾ ਹੈ। ਇਸ ਬੈਠਕ 'ਚ ਕੈਬਨਿਟ ਮੌਨਸੂਨ ਸੈਸ਼ਨ ਬੁਲਾਉਣ ਦੇ ਤਰੀਕੇ ਦਾ ਐਲਾਨ ਕਰ ਸਕਦੀ ਹੈ।ਉਮੀਦ ਜਤਾਈ ਜਾ ਰਹੀ ਹੈ ਕਿ ਇਸ ਬੈਠਕ ਵਿੱਚ ਕਈ ਪੈਂਡਿੰਗ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮਾਨਸੂਨ ਸੈਸ਼ਨ ਵਿੱਚ ਲਿਆਉਣ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਜਾਣਗੀਆਂ।