ਚੰਡੀਗੜ੍ਹ: ਲੋਕ ਸਭਾ ਚੋਣਾਂ ਦੀ ਗਿਣਤੀ 'ਚ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦਾ ਅਹਿਸਾਨ ਜ਼ਿੰਦਗੀ ਭਰ ਨਾਲ ਭੁੱਲਣ ਦੀ ਗੱਲ ਆਖੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਮਜ਼ਾਕ ਕਰਨ ਵਾਲੀ ਸਰਕਾਰ ਨਹੀਂ, ਸਗੋਂ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਦਿਨੇਸ਼ ਬੱਬੂ ਅਤੇ 'ਆਪ' ਦੇ ੳਮੀਦਵਾਰ ਨੂੰ ਵੱਡੇ ਫ਼ਰਕ ਨਾਲ ਮਾਤ ਦਿੱਤੀ ਹੈ।
ਸੁਖਜਿੰਦਰ ਰੰਧਾਵਾ ਦੀ ਜਿੱਤ: ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3 ਲੱਖ 61 ਹਜ਼ਾਰ 713 ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਦੇ ਦਿਨੇਸ਼ ਕੁਮਾਰ ਬੱਬੂ ਨੂੰ 2 ਲੱਖ 78 ਹਜ਼ਾਰ 701 ਵੋਟਾਂ ਮਿਲੀਆਂ ਹਨ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ 83 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਮਿਲੀ ਹੈ। ਇਸ ਦੇ ਨਾਲ ਹੀ ਤੀਜੇ ਨੰਬਰ 'ਤੇ ਆਮ ਆਦਮੀ ਪਾਰਟੀ ਦੇ ਸ਼ੈਰੀ ਕਲਸੀ ਆਏ ਹਨ, ਜਿੰਨ੍ਹਾਂ ਨੂੰ 2 ਲੱਖ 75 ਹਜ਼ਾਰ 416 ਵੋਟਾਂ ਮਿਲੀਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਇਥੇ ਚੌਥੇ ਨੰਬਰ 'ਤੇ ਹਨ, ਜੋ ਇੱਕ ਲੱਖ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ।
ਜਿੱਤ 'ਤੇ ਵਰਕਰਾਂ 'ਚ ਖੁਸ਼ੀ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਵਿਰੋਧੀਆਂ ਨੂੰ ਮਾਤ ਦਿੰਦੇ ਹੋਏ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਜਿੱਤ ਦੀ ਖ਼ਬਰ ਮਿਲਦਿਆਂ ਹੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੇਤੂ ਰਹੇ ਰੰਧਾਵਾ ਦਾ ਢੋਲ ਅਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ ਗਿਆ।