ਚੰਡੀਗੜ੍ਹ:ਬੇਅਦਬੀ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਰੀਬ ਚਾਰ ਦਿਨ ਪਹਿਲਾਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਬੇਅਦਬੀ ਨਾਲ ਸਬੰਧਤ ਮਾਮਲਿਆਂ ਦੀ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।
ਦਰਅਸਲ ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਈਟੀਵੀ ਭਾਰਤ ਕੋਲ ਪੁਰੇ ਮਾਮਲੇ ਸਬੰਧੀ ਐਫ ਆਈ ਆਰ ਦੀ ਕਾਪੀ ਵੀ ਮੌਜੁਦ ਹੈ ਜਿਸ ਵਿੱਚ ਪੂਰੀ ਕਾਰਵਾਈ ਦੀ ਸ਼ਿਕਾਇਤ ਦਰਜ ਹੈ ਅਤੇ ਇਸ ਵਿੱਚ ਸ਼ਾਮਿਲ ਲੋਕਾਂ ਦੇ ਨਾਮ ਵੀ ਦਰਜ ਹਨ।
ਡੇਰੇ ਦੇ ਵਕੀਲ ਦਾ ਬਿਆਨ
ਇਥੇ ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ ਤੋਂ ਬਾਅਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਬੇਅਦਬੀ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਵਾਈ 'ਤੇ ਡੇਰੇ ਦਾ ਵਕੀਲ ਅਤੇ ਬੁਲਾਰੇ ਜਤਿੰਦਰ ਖੁਰਾਣਾ ਨੇ ਆਪਣਾ ਪੱਖ ਰੱਖਿਆ ਹੈ ਅਤੇ ਉਹਨਾਂ ਕਿਹਾ ਕਿ"ਅਸੀਂ ਬੇਅਦਬੀ ਕਾਂਡ ਦੀ ਸਖ਼ਤ ਨਿਖੇਧੀ ਕਰਦੇ ਹਾਂ।ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਇਸ ਦੀ ਨਿਰਪੱਖ ਜਾਂਚ ਕਰਕੇ ਅਸਲੀ ਦੋਸ਼ੀ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਵਿੱਚ ਡੇਰਾ ਸੱਚਾ ਸੌਦਾ ਦਾ ਮੁਖੀ ਜਾਂ ਕੋਈ ਪੈਰੋਕਾਰ ਸ਼ਾਮਲ ਨਹੀਂ ਹੈ।"
ਵਕੀਲ, ਖੁਰਾਣਾ ਨੇ ਕਿਹਾ ਕਿ "ਪੰਜਾਬ ਸਰਕਾਰ ਨੇ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪਰ, ਇਹ ਕੋਈ ਸਾਜ਼ਿਸ਼ ਨਹੀਂ ਹੋਣੀ ਚਾਹੀਦੀ, ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਬੇਕਸੂਰ ਨੂੰ ਇਸ ਵਿੱਚ ਫਸਾਇਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੀਬੀਆਈ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਕਰ ਚੁੱਕੀ ਹੈ ਅਤੇ ਕਾਫੀ ਵਿਗਿਆਨਕ ਜਾਂਚ ਕੀਤੀ ਗਈ ਸੀ। ਪਰ, ਸੀਬੀਆਈ ਨੂੰ ਇਸ ਵਿੱਚ ਕੁਝ ਨਹੀਂ ਮਿਲਿਆ ਅਤੇ ਸੀਬੀਆਈ ਵੱਲੋਂ ਮੋਹਾਲੀ ਕੋਰਟ ਵਿੱਚ ਕਲੋਜ਼ਰ ਰਿਪੋਰਟ ਵੀ ਦਾਇਰ ਕੀਤੀ ਗਈ ਸੀ।"