ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਸਤੀਫ਼ਾ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਇਸ ਅਸਤੀਫ਼ੇ ਵਿੱਚ ਉਨ੍ਹਾਂ ਨੇ ਨਿੱਜੀ ਕਾਰਨ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ ਹੈ- ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ।
ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਅਸਤੀਫ਼ਾ:ਦੱਸ ਦਈਏ ਕਿ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਦਿਨ ਪਹਿਲਾਂ ਭਾਵ 2 ਫਰਵਰੀ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ 1 ਸਤੰਬਰ 2021 ਨੂੰ ਆਪਣਾ ਅਹੁਦਾ ਸੰਭਾਲ ਲਿਆ ਸੀ। ਉਹ 2 ਸਾਲ 5 ਮਹੀਨੇ 2 ਦਿਨ ਪੰਜਾਬ ਦੇ ਰਾਜਪਾਲ ਰਹੇ। ਇਸ ਤੋਂ ਪਹਿਲਾਂ ਉਹ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਸਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ਵਿੱਚ ਹੋਇਆ ਸੀ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ ਆਪਣੇ ਅਸਤੀਫ਼ੇ 'ਚ ਇਹ ਕੁਝ ਲਿਖਿਆ: ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜੇ ਆਪਣੇ 3 ਲਾਈਨਾਂ ਵਾਲੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ - "ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ। ਕਿਰਪਾ ਇਸਨੂੰ ਸਵੀਕਾਰ ਕਰਕੇ ਮੈਨੂੰ ਸੇਵਾਵਾਂ ਤੋਂ ਫਾਰਗ ਕੀਤਾ ਜਾਵੇ।"
ਕੈਪਟਨ ਸਰਕਾਰ ਸਮੇਂ ਬਣੇ ਸੀ ਸੂਬੇ ਦੇ ਰਾਜਪਾਲ:ਜਦੋਂ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਰਾਜਪਾਲ ਬਣੇ ਤਾਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਸੀ। ਬਾਅਦ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਤਾਂ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਇਸ ਤੋਂ ਬਾਅਦ ਫਰਵਰੀ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਹੋਈਆਂ। ਆਮ ਆਦਮੀ ਪਾਰਟੀ (ਆਪ) ਨੇ ਰਿਕਾਰਡ ਬਹੁਮਤ ਨਾਲ ਜਿੱਤ ਹਾਸਲ ਕੀਤੀ। ਇਸ ਦੌਰਾਨ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਾਈ।
ਭਗਵੰਤ ਮਾਨ ਨਾਲ ਇੰਨ੍ਹਾਂ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹੇ:
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਵਿਵਾਦ: 19-20 ਜੂਨ 2022 ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ ਨੇ 4 ਬਿੱਲ ਪਾਸ ਕਰਕੇ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜੇ ਸਨ। ਇਨ੍ਹਾਂ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ, ਪੰਜਾਬ ਪੁਲਿਸ (ਸੋਧ) ਬਿੱਲ, ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਅਤੇ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ ਸ਼ਾਮਲ ਸਨ। ਮਾਹਿਰਾਂ ਦੀ ਰਾਏ ਦੇ ਆਧਾਰ 'ਤੇ ਰਾਜਪਾਲ ਨੇ ਇਨ੍ਹਾਂ ਚਾਰਾਂ ਬਿੱਲਾਂ ਅਤੇ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ। ਇਸ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਗਈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਰਾਜਪਾਲ ਰਾਜ ਦਾ ਅਣਚੁਣਿਆ ਮੁਖੀ ਹੈ ਅਤੇ ਉਨ੍ਹਾਂ ਨੂੰ ਵਿਧਾਨ ਸਭਾਵਾਂ ਦੀਆਂ ਕਾਨੂੰਨ ਬਣਾਉਣ ਦੀਆਂ ਸ਼ਕਤੀਆਂ 'ਤੇ ਰੋਕ ਲਗਾਉਣ ਦਾ ਅਧਿਕਾਰ ਨਹੀਂ ਹੈ। ਅਦਾਲਤ ਨੇ ਵਿਸ਼ੇਸ਼ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ।
ਨਸ਼ਿਆਂ ਨੂੰ ਲੈਕੇ ਚੁੱਕੇ ਸਵਾਲ: ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਹੁੰਦਿਆਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ। ਰਾਜਪਾਲ ਨੇ ਇੱਥੋਂ ਤੱਕ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਕਰਿਆਨੇ ਦੀਆਂ ਦੁਕਾਨਾਂ ’ਤੇ ਵੀ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ।
ਸਰਕਾਰ ਦਾ ਹੈਲੀਕਾਪਟਰ ਨਾ ਵਰਤਣ ਦੀ ਗੱਲ: ਸਾਲ 2023 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਏ ਵਿਵਾਦ ਦਰਮਿਆਨ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਉਹ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਿਰਫ਼ ਤਿੰਨ-ਚਾਰ ਵਾਰ ਹੀ ਹੈਲੀਕਾਪਟਰ ਦੀ ਵਰਤੋਂ ਕੀਤੀ ਸੀ, ਉਹ ਵੀ ਸਰਹੱਦ 'ਤੇ ਜਾਣ ਲਈ। ਹੈਲੀਕਾਪਟਰ 'ਤੇ ਸਿਰਫ਼ ਮੁੱਖ ਮੰਤਰੀ ਦਾ ਅਧਿਕਾਰ ਨਹੀਂ ਹੈ। ਉਹ ਹੈਲੀਕਾਪਟਰ ਵਿਚ ਇਕੱਲੇ ਨਹੀਂ ਗਏ ਸੀ। ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵੀ ਉਨ੍ਹਾਂ ਦੇ ਨਾਲ ਸਨ। ਉਦੋਂ ਉਨ੍ਹਾਂ ਨੇ ਫਿਰ ਫੈਸਲਾ ਕੀਤਾ ਸੀ ਕਿ ਉਹ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।
ਅਧਿਆਪਕਾਂ ਦੀ ਵਿਦੇਸ਼ 'ਚ ਸਿਖਲਾਈ 'ਤੇ ਸਵਾਲ: ਜਦੋਂ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰੀ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਦੇ ਮਾਮਲੇ 'ਤੇ ਸਰਕਾਰ ਤੋਂ ਜਵਾਬ ਮੰਗਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ 3 ਕਰੋੜ ਪੰਜਾਬੀਆਂ ਦੇ ਜਵਾਬਦੇਹ ਹਨ ਨਾ ਕਿ ਕਿਸੇ ਸਲੈਕਟਿਡ ਵਿਅਕਤੀ ਦੇ ਪ੍ਰਤੀ ਜਵਾਬਦੇਹ ਹਨ। ਇਸ ਤੋਂ ਇਲਾਵਾ ਵੀ ਕਈ ਵਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਚ ਸ਼ਬਦੀ ਤਲਖੀ ਦੇਖਣ ਨੂੰ ਮਿਲੀ ਹੈ।