ਚੰਡੀਗੜ੍ਹ/ਜਲੰਧਰ :ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ।