ਤਰਨਤਾਰਨ:ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਐਸ. ਐਸ. ਪੀ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਿਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਾਮੀ ਦਿਨ੍ਹਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।