ਪੰਜਾਬ

punjab

ETV Bharat / state

ਪੰਜਾਬ ਦੇ ਮੰਤਰੀਆਂ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੀਟਿੰਗ, ਮਜ਼ਬੂਤੀ ਨਾਲ ਰੱਖਿਆ ਪੰਜਾਬ ਦਾ ਪੱਖ - PUNJAB GOVERNMENT

ਤਿੰਨ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ ਗਈ। ਕਈ ਅਹਿਮ ਮੁਦਿਆਂ 'ਤੇ ਕੀਤੀ ਚਰਚਾ।

Punjab strongly defended its position in relation to electricity and urban areas before the Centre
ਪੰਜਾਬ ਨੇ ਕੇਂਦਰ ਅੱਗੇ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧੀ ਆਪਣਾ ਪੱਖੀ ਮਜ਼ਬੂਤੀ ਨਾਲ ਰੱਖਿਆ ((ਈਟੀਵੀ ਭਾਰਤ))

By ETV Bharat Punjabi Team

Published : Nov 8, 2024, 9:19 AM IST

ਚੰਡੀਗੜ੍ਹ:ਪੰਜਾਬ ਸਰਕਾਰ ਨੇ ਕੇਂਦਰ ਨਾਲ ਜੁੜੀਆਂ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧਤ ਸੂਬੇ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਅੱਗੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਲੀਲਾਂ ਅਤੇ ਤੱਥਾਂ ਸਮੇਤ ਆਪਣੀਆਂ ਮੰਗਾਂ ਰੱਖੀਆਂ ਜਿਸ ਉਤੇ ਕੇਂਦਰੀ ਮੰਤਰੀ ਨੇ ਪੰਜਾਬ ਦੇ ਪੱਖਾਂ ਉਤੇ ਸਕਰਤਾਮਕ ਰੁਖ ਅਪਣਾਉਣ ਦਾ ਵਿਸ਼ਵਾਸ ਦਿਵਾਇਆ।

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ((ਈਟੀਵੀ ਭਾਰਤ))

ਤਾਲਮੇਲ ਕਮੇਟੀ ਦੀ ਮੀਟਿੰਗ

ਬਿਜਲੀ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਕੇਂਦਰ ਸਰਕਾਰ ਨਾਲ ਜੁੜੇ ਮਾਮਲਿਆਂ ਬਾਰੇ ਤਾਲਮੇਲ ਕਮੇਟੀ ਦੀ ਮੀਟਿੰਗ ਸੀ। ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਰਹੀ ਹੈ। ਦੋਵਾਂ ਵਿਭਾਗਾਂ ਨਾਲ ਸਬੰਧਤ ਕੇਂਦਰ ਕੋਲ ਲੰਬਿਤ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ।

ਪੰਜਾਬ ਨੇ ਕੇਂਦਰ ਅੱਗੇ ਮੰਗ ਰੱਖੀ ਕਿ ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਸੂਬੇ ਤੋਂ ਬਿਜਲੀ ਮੈਂਬਰ ਲਗਾਉਣ ਦੀ ਰਵਾਇਤ ਨੂੰ ਕਾਇਮ ਰੱਖਦਿਆਂ ਸਾਲ 2022 ਵਿੱਚ ਸੋਧ ਕੀਤੇ ਨਿਯਮਾਂ ਨੂੰ ਬਦਲਣ ਦੀ ਮੰਗ ਰੱਖੀ। ਪੰਜਾਬ ਦਾ ਕਹਿਣਾ ਸੀ ਕਿ ਨਵੀਆਂ ਸ਼ਰਤਾਂ ਅਨੁਸਾਰ ਸੂਬੇ ਵਿੱਚੋਂ ਕੋਈ ਵੀ ਯੋਗਤਾ ਵਾਲਾ ਉਮੀਦਵਾਰ ਨਹੀਂ ਮਿਲੇਗਾ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਸ਼ਾਨਨ ਪ੍ਰਾਜੈਕਟ ’ਤੇ ਪੰਜਾਬ ਨੇ ਆਪਣਾ ਪੂਰਾ ਹੱਕ ਜਤਾਉਂਦਿਆਂ ਕਿਹਾ ਕਿ ਪੰਜਾਬ ਪੁਨਰਗਠਨ ਕਾਨੂੰਨ ਤਹਿਤ ਇਸ ਉਪਰ ਪੰਜਾਬ ਦਾ ਹੀ ਹੱਕ ਬਣਦਾ ਹੈ। ਵੱਧ ਬਿਜਲੀ ਦੀ ਲੋੜ ਅਤੇ ਪੰਜਾਬ ਦੀ ਹਾਈਡਲ ਤੇ ਥਰਮਲ ਬਿਜਲੀ ਪ੍ਰਾਜੈਕਟਾਂ ਦੀ ਸੀਮਤ ਸਮਰੱਥਾ ਨੂੰ ਦੇਖਦਿਆਂ ਪੰਜਾਬ ਨੇ ਮੰਗ ਰੱਖੀ ਕਿ ਕੇਂਦਰੀ ਪਲਾਂਟਾਂ ਤੋਂ ਲੰਬੇ ਸਮੇਂ ਲਈ ਪੰਜਾਬ ਨੂੰ ਬਿਜਲੀ ਮੁਹੱਈਆ ਕਰਵਾਈ ਜਾਵੇ।

ਸੋਲਰ ਪੰਪਾਂ ਦੀ ਕਪੈਸਟੀ ਵਧਾਉਣ ਦੀ ਮੰਗ

ਮੀਟਿੰਗ ਦੌਰਾਨ ਪੰਜਾਬ ਨੇ ਸੌਰ ਊਰਜਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ ਲਈ ਸਬਸਿਡੀ ਵਾਲੇ ਸੋਲਰ ਪੰਪਾਂ ਦੀ ਕਪੈਸਟੀ ਵਧਾਉਣ ਦੀ ਮੰਗ ਰੱਖਦਿਆਂ ਇਸ ਨੂੰ ਘੱਟੋ-ਘੱਟ 15 ਹਾਰਸ ਪਾਵਰ ਕੀਤਾ ਜਾਵੇ। ਪੰਜਾਬ ਦੀਆਂ ਖਾਣਾਂ ਤੋਂ ਸੂਬੇ ਵਿੱਚ ਤਲਵੰਡੀ ਸਾਬੋ, ਨਾਭਾ ਸਥਿਤ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੋਲਾ ਤਬਦੀਲ ਕਰਨ ਦੀ ਇਜਾਜ਼ਤ ਦੀ ਵੀ ਮੰਗ ਰੱਖੀ ਗਈ। ਨਵਿਆਉਣ ਯੋਗ ਊਰਜਾ ਨੂੰ ਉਤਸ਼ਾਹਤ ਕਰਨ ਲਈ ਸੱਤ ਪੈਸਾ ਪ੍ਰਤੀ ਯੂਨਿਟ ਦੇ ਵਪਾਰਕ ਮਾਰਜ਼ਨ ਵਿੱਚ ਕਮੀ ਦੀ ਮੰਗ ਰੱਖੀ ਗਈ। ਪੰਜਾਬ ਨੇ ਆਰ.ਡੀ.ਐਸ.ਐਸ. ਸਕੀਮ ਵਿੱਚ ਦੀ ਸਮਾਂ ਸੀਮਾ ਵਧਾਉਣ ਦੀ ਵੀ ਮੰਗ ਕੀਤੀ ਕਿਉਂਕਿ ਪੰਜਾਬ ਵਿੱਚ ਇਹ ਸਕੀਮ ਦੇਰੀ ਨਾਲ ਸ਼ੁਰੂ ਹੋਈ ਹੈ। ਝੋਨੇ ਦੀ ਪਰਾਲੀ ਤੋਂ ਬਿਜਲੀ ਪੈਦਾ ਕਰਨ ਲਈ ਲਗਾਏ ਜਾਣ ਵਾਲੇ ਪਲਾਟਾਂ ਨੂੰ ਵੀ ਬਾਇਓ ਗੈਸ ਪਲਾਂਟਾਂ ਦੀ ਤਰਜ਼ ਉਤੇ ਸਬਸਿਡੀ ਦੇਣ ਦੀ ਮੰਗ ਕੀਤੀ ਗਈ । ਇਸੇ ਤਰ੍ਹਾਂ ਛੱਤਾਂ ਉਤੇ ਲਗਾਏ ਜਾਣ ਵਾਲੇ ਸੋਲਰ ਪ੍ਰਾਜੈਕਟਾਂ ਦੀ ਸਮਰੱਥਾ ਵਧਾਉਣ ਦੀ ਵੀ ਮੰਗ ਰੱਖੀ ਗਈ।

ਇਸੇ ਤਰ੍ਹਾਂ ਸ਼ਹਿਰੀ ਵਿਕਾਸ ਤੇ ਨਾਲ ਸਬੰਧਤ ਚਰਚਾ ਦੌਰਾਨ ਪੰਜਾਬ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ। ਪੰਜਾਬ ਦਾ ਕਹਿਣਾ ਸੀ ਕਿ ਇਹ ਪ੍ਰਾਜੈਕਟ ਬਾਕੀ ਤਿੰਨ ਸਮਾਰਟ ਸਿਟੀ ਪ੍ਰਾਜੈਕਟਾਂ ਤੋਂ ਬਾਅਦ ਵਿੱਚ ਅਲਾਟ ਹੋਇਆ ਸੀ ਜਿਸ ਕਾਰਨ ਇਸ ਦੀ ਸਮਾਂ ਸੀਮਾ 31 ਮਾਰਚ 2025 ਤੋਂ ਘੱਟੋ-ਘੱਟ ਦੋ ਸਾਲ ਲਈ ਵਧਾਈ ਜਾਵੇ। ਇਸੇ ਤਰ੍ਹਾਂ ਪ੍ਰਦੂਸ਼ਣ ਮੁਕਤ ਵਾਹਨਾਂ ਅਤੇ ਪਬਲਿਕ ਟਰਾਂਸਪੋਰਟ ਸਿਸਟਮ ਨੂੰ ਹੁਲਾਰਾ ਦੇਣ ਲਈ ਚੰਡੀਗੜ੍ਹ ਨਾਲ ਜੁੜਦੇ ਪੰਜਾਬ ਦੇ ਖੇਤਰਾਂ ਜਿਵੇਂ ਕਿ ਮੁਹਾਲੀ-ਜ਼ੀਰਕਪੁਰ ਨੂੰ ਵੀ ਇਕ ਕਲੱਸਟਰ ਬਣਾ ਕੇ ਇਸ ਨੂੰ ਈ-ਬੱਸ ਸੇਵਾ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਜਾਵੇ।

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਦੀਆਂ ਬਹੁਤਾਤ ਮੰਗਾਂ ਉਤੇ ਸਿਧਾਂਤਕ ਸਹਿਮਤੀ ਦਿੰਦਿਆਂ ਇਨ੍ਹਾਂ ਉਤੇ ਸਕਰਾਤਮਕ ਰਵੱਈਏ ਨਾਲ ਪਹੁੰਚ ਅਪਣਾਉਣ ਦਾ ਵਿਸ਼ਵਾਸ ਦਿਵਾਇਆ ਗਿਆ।

ਮੀਟਿੰਗ ਵਿੱਚ ਕੇਂਦਰ ਤਰਫੋਂ ਸਕੱਤਰ ਬਿਜਲੀ ਪੰਕਜ ਅੱਗਰਵਾਲ, ਸੰਯੁਕਤ ਸਕੱਤਰ ਬਿਜਲੀ ਮੁਹੰਮਦ ਅਫ਼ਜ਼ਲ, ਬੀ.ਬੀ.ਐਮ.ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ, ਸ਼ਹਿਰੀ ਤੇ ਮਕਾਨ ਉਸਾਰੀ ਮੰਤਰਾਲੇ ਦੇ ਓ.ਐਸ.ਡੀ.ਜੈ ਦੀਪ ਅਤੇ ਡਾਇਰੈਕਟਰ ਅਮਰੂਤ ਗੁਰਜੀਤ ਸਿੰਘ ਢਿੱਲੋਂ ਅਤੇ ਪੰਜਾਬ ਤਰਫੋਂ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ, ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਬਿਜਲੀ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਡਾਇਰੈਕਟਰ ਸਥਾਨਕ ਸਰਕਾਰਾਂ ਗੁਰਪ੍ਰੀਤ ਸਿੰਘ ਖਹਿਰਾ, ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ, ਪੁੱਡਾ ਦੇ ਸੀ.ਏ. ਨੀਰੂ ਕਤਿਆਲ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

ABOUT THE AUTHOR

...view details