ਬਰਨਾਲਾ:ਬੀਤੇ ਦਿਨੀਂਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਰੋਧੀਆਂ ਨੇ ਵੀ ਇਸ 'ਤੇ ਤੰਜ ਕਸਨੇ ਸ਼ੁਰੂ ਕਰ ਦਿੱਤੇ ਹਨ। ਸੁਖਬੀਰ ਬਾਦਲ ਦੇ ਅਸਤੀਫੇ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ, ਜਦੋਂ ਉਨ੍ਹਾਂ ਦੀ ਪਾਰਟੀ ਦੀ ਕੋਰ ਕਮੇਟੀ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਸੀ।
ਭਾਜਾਪਾ 'ਚ ਸ਼ਾਮਲ ਹੋਣਗੇ ਸੁਖਬੀਰ ਬਾਦਲ
ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸੁਖਬੀਰ ਸਿੰਘ ਬਾਦਲ ਜਲਦ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਇੱਕ ਪਾਸੇ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਹੈ, ਇਧਰ ਸੁਖਬੀਰ ਬਾਦਲ ਨੇ ਅਸਤੀਫਾ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਦੋਵੇਂ ਰਲੇਵਾਂ ਵੀ ਕਰ ਸਕਦੇ ਹਨ। ਉਹਨਾਂ ਕਿਹਾ ਕਿਇਹ ਤਾਂ ਉਹੀ ਗੱਲ ਹੋਈ ਕਿ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵੱਲੋਂ 2020 ਵਿੱਚ ਲਾਗੂ ਕੀਤੇ ਗਏ ਤਿੰਨ ਕਿਸਾਨੀ ਕਾਨੂੰਨਾਂ ਦਾ ਸਮਰਥਨ ਕਰਦੇ ਹਨ। ਫਿਰ ਜਦੋਂ ਵਿਰੋਧ ਹੋਇਆ ਤਾਂ ਅਸਤੀਫਾ ਦੇ ਦਿੱਤਾ। ਇਹ ਅਸਤੀਫੇ ਦੇਕੇ ਸਾਬਿਤ ਕੀ ਕਰਨਾ ਚਾਹੁੰਦੇ ਹਨ ਕੁਝ ਸਮਝ ਨਹੀਂ ਆਉਂਦਾ ਜਦ ਕੇ ਅੰਦਰੋ ਰਲੇ ਹੋਏ ਹਨ।
ਜਲਦ ਹੋਵੇਗਾ 'ਆਪ' ਦਾ ਅੰਤ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਬਰਨਾਲਾ ਆਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਬਰਨਾਲਾ ਅਤੇ ਸੰਗਰੂਰ ਵਿੱਚ ਹੀ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਹੈ ਅਤੇ ਅੰਤ ਵੀ ਇੱਥੇ ਹੀ ਹੋਵੇਗਾ।