ਚੰਡੀਗੜ੍ਹ:ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਉਸ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦਾ ਕੇਸ ਰੱਦ ਕਰ ਦਿੱਤਾ ਹੈ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ 10 ਸਰਕਾਰੀ ਅਧਿਕਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਇੱਕ ਰੀਅਲ ਅਸਟੇਟ ਕੰਪਨੀ ਨੂੰ ਟਰਾਂਸਫਰ ਕਰਨ ਅਤੇ ਟਾਊਨਸ਼ਿਪ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੇ ਦੋਸ਼ ਵਿੱਚ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਅਰੋੜਾ ਨੇ ਹਾਈ ਕੋਰਟ ਤੋਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ 'ਤੇ ਸੁਣਵਾਈ ਕਰਦਿਆਂ ਵੱਡੀ ਰਾਹਤ ਦਿੱਤੀ ਗਈ ਹੈ।
ਇਹ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਬੀਤੇ ਦਿਨੀ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐੱਸ ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐੱਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਇੱਕ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਇਲਜ਼ਾਮਾਂ ਤਹਿਤ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਰੰਗੇ ਹੱਥੀਂ ਫੜਨ ਦਾ ਦਾਅਵਾ ਕੀਤਾ ਸੀ।
ਭਾਰਤ ਭੁਸ਼ਣ ਆਸ਼ੂ ਨੂੰ ਵੀ ਮਿਲੀ ਰਾਹਤ
ਜ਼ਿਕਰਯੋਗ ਹੈ ਕਿ ਅੱਜ ਹੀ ਸਾਬਕਾ ਮੰਤਰੀ ਤੇ ਕਾਂਗਰਸ ਲੀਡਰ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਵੇਲੇ ਖੁਰਾਕ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਨ ਆਸ਼ੂ 'ਤੇ ਟੈਂਡਰ ਦੇ ਵਿੱਚ ਘੁਟਾਲੇ ਕਰਨ ਦੇ ਇਲਜ਼ਾਮ ਲੱਗੇ ਸਨ। ਵਿਜੀਲੈਂਸ ਵੱਲੋਂ ਵੀ ਪਹਿਲਾਂ ਉਹਨਾਂ ਤੇ ਕੇਸ ਚਲਾਇਆ ਗਿਆ ਸੀ। ਇਸ ਤੋਂ ਪਹਿਲਾਂ ਸਾਲ 2022 'ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ।