ਚੰਡੀਗੜ੍ਹ: ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਭਵਨ ਵਿੱਚ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਐੱਸਕੇਐੱਮ ਨੇ ਫੈਸਲਾ ਲਿਆ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਜਨਵਰੀ ਦੇ ਪਹਿਲੇ ਹਫ਼ਤੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਕਿਹਾ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨ ਐਸਕੇਐਮ ਨੇ ਐਲਾਨ ਕੀਤਾ ਕਿ ਅਸੀਂ ਭਾਰਤ ਦੇ ਰਾਸ਼ਟਰਪਤੀ ਜਾਂ ਖੇਤੀਬਾੜੀ ਮੰਤਰੀ ਨਾਲ ਸੰਪਰਕ ਕਰਾਂਗੇ। ਜੇਕਰ ਰਾਸ਼ਟਰਪਤੀ ਨਹੀਂ ਮਿਲਦੇ ਤਾਂ ਉਹ ਖੇਤੀਬਾੜੀ ਮੰਤਰੀ ਨੂੰ ਮਿਲਣਗੇ। ਅਸੀਂ ਜਨਵਰੀ ਦੇ ਪਹਿਲੇ ਹਫ਼ਤੇ ਮੁਲਾਕਾਤ ਲਈ ਕਿਹਾ ਹੈ।
ਰਾਸ਼ਟਰਪਤੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲਣਗੇ ਕਿਸਾਨ
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਕਿਸਾਨਾਂ ਦੀ ਏਕਤਾ ਲਈ ਬਹੁਤ ਗੰਭੀਰ ਹਨ। ਸਾਡੀ 21 ਦਸੰਬਰ ਨੂੰ ਏਕਤਾ ਨੂੰ ਲੈ ਕੇ ਮੀਟਿੰਗ ਹੋਈ ਸੀ ਤੇ ਅਸੀਂ ਅੱਗੇ ਵੀ ਇਸੇ ਤਰ੍ਹਾਂ ਮੀਟਿੰਗਾਂ ਦਾ ਦੌਰ ਜਾਰੀ ਰੱਖਾਂਗੇ। ਸੰਯੁਕਤ ਕਿਸਾਨ ਮੋਰਚਾ ਦਾ ਵਫ਼ਦ ਜਨਵਰੀ ਦੇ ਪਹਿਲੇ ਹਫ਼ਤੇ ਦੇਸ਼ ਦੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲੇਗਾ ਤੇ ਹੋਰ ਕਿਸਾਨ ਜਥੇਬੰਦੀਆਂ ਵੀ ਇਸ ਵਿੱਚ ਹਿੱਸਾ ਲੈ ਸਕਦੀਆਂ ਹਨ।
ਵਿਗੜ ਸਕਦੀ ਪੰਜਾਬ ਦੀ ਕਾਨੂੰਨ ਵਿਵਸਥਾ
ਉਨ੍ਹਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਵੀ ਹੋ ਜਾਂਦਾ ਹੈ ਤਾਂ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਸਮੇਂ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ, ਇਸ ਲਈ ਸਰਕਾਰ ਨੂੰ ਜਲਦੀ ਕੋਈ ਰਾਹ ਲੱਭ ਕੇ ਸਾਡੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ ਹੈ। 9 ਜਨਵਰੀ ਨੂੰ ਮੋਗਾ ਵਿਖੇ ਕਿਸਾਨਾਂ ਦੀ ਵੱਡੀ ਕਾਨਫਰੰਸ ਕੀਤੀ ਜਾਵੇਗੀ।
ਡੱਲੇਵਾਲ ਨੂੰ ਕੁਝ ਹੁੰਦਾ ਤਾਂ ਸਰਕਾਰ ਦੀ ਹੋਵੇਗੀ ਜ਼ਿੰਮੇਵਾਰੀ
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਜੀ ਨੇ ਕਿਹਾ ਕਿ ਉਹ ਮੰਗਾਂ ਪੂਰੀਆਂ ਹੋਣ ਤੱਕ ਮਰਨ ਵਰਤ ਨਹੀਂ ਤੋੜਨਗੇ। ਇਸ ਲਈ ਸਰਕਾਰ ਹੀ ਉਨ੍ਹਾਂ ਨੂੰ ਬਚਾਅ ਸਕਦੀ ਹੈ ਤੇ ਅਸੀਂ ਸਿਰਫ਼ ਯਤਨ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ 'ਤੇ ਪ੍ਰੈਸ਼ਰ ਪਾ ਕੇ ਬਰਾਬਰ ਪ੍ਰੋਗਰਾਮ ਦੇ ਰਹੇ ਹਾਂ ਤਾਂ ਜੋ ਸਰਕਾਰ ਮੰਗਾਂ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਜੇ ਡੱਲੇਵਾਲ ਨੂੰ ਕੁਝ ਹੁੰਦਾ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਨੂੰ ਤਿਆਰ ਹਨ, ਪਰ ਜਦੋਂ ਉਨ੍ਹਾਂ ਦੀਆਂ ਟੀਮਾਂ ਨਾਲ ਗੱਲ ਹੋਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਮਰਨ ਵਰਤ ਸਮਾਪਤ ਨਹੀਂ ਹੋ ਸਕਦਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਾ 6 ਮੈਂਬਰੀ ਵਫ਼ਦ ਗਿਆ ਸੀ।
13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਹਨ ਕਿਸਾਨ
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡੇਰੇ ਲਾਏ ਹੋਏ ਹਨ, ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਦਿੱਲੀ ਮਾਰਚ ਨੂੰ ਰੋਕ ਦਿੱਤਾ ਸੀ। ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਹਨ, ਜਿਸ ਵਿੱਚ ਫਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਸ਼ਾਮਲ ਹੈ।
ਇਹ ਹਨ ਕਿਸਾਨਾਂ ਦੀਆਂ ਮੰਗਾਂ
ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਤੋਂ ਇਲਾਵਾ, ਕਿਸਾਨ ਕਰਜ਼ਾ ਮੁਆਫੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ, ਪੁਲਿਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ "ਇਨਸਾਫ" ਦੀ ਮੰਗ ਕਰ ਰਹੇ ਹਨ। ਭੂਮੀ ਗ੍ਰਹਿਣ ਕਾਨੂੰਨ, 2013 ਨੂੰ ਬਹਾਲ ਕਰਨਾ ਅਤੇ 2020-21 ਵਿੱਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਵੀ ਉਨ੍ਹਾਂ ਦੀਆਂ ਮੰਗਾਂ ਦਾ ਹਿੱਸਾ ਹਨ।