ਮੋਗਾ: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਪਿੰਡ-ਪਿੰਡ ਜਾ ਕੇ ਜਾਗਰੂਕਤਾ ਵੈਨਾਂ ਰਾਹੀਂ ਅਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਰ ਇਸ ਸਭ ਦੇ ਬਾਵਜੂਦ ਕੁਝ ਕਿਸਾਨ ਮਨਮਾਨੀਆਂ ਤੋਂ ਬਾਜ਼ ਨਹੀਂ ਆ ਰਹੇ ਅਤੇ ਪ੍ਰਸ਼ਾਸਨ ਦੇ ਹੁਕਮਾਂ ਦੀ ਅਣਦੇਖੀ ਕਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ। ਦੱਸ ਦੇਈਏ ਕਿ ਮੋਗਾ ਜ਼ਿਲੇ 'ਚ ਪਰਾਲੀ ਸਾੜਨ ਦੇ ਇਲਜ਼ਾਮ 'ਚ 124 ਕਿਸਾਨਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਤੋਂ ਜੁਰਮਾਨੇ ਵੀ ਲਏ ਜਾ ਰਹੇ ਹਨ।
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਤਿੰਨ ਪਿੰਡਾਂ ਦੇ ਕਿਸਾਨਾਂ ਨੂੰ SDM ਨੇ ਕੀਤਾ ਸਨਮਾਨਿਤ
ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ 'ਚ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਐਸਡੀਐਮ ਸਵਾਤੀ ਨੇ ਸਨਮਾਨ ਕੀਤਾ।
Published : Nov 6, 2024, 10:12 AM IST
ਉੱਥੇ ਹੀ ਦੂਜੇ ਪਾਸੇ ਖੁਸ਼ੀ ਦੀ ਗੱਲ ਇਹ ਹੈ ਕਿ ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ 'ਚ ਐੱਸ ਡੀ ਐੱਮ ਸਵਾਤੀ ਨੇ ਕਸਬੇ ਦੇ ਤਿੰਨ ਪਿੰਡਾਂ ਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਹੈ। ਇਹ ਉਹ ਕਸਬੇ ਦੇ ਤਿੰਨ ਪਿੰਡਾਂ ਦੇ ਕਿਸਾਨ ਜਿਨ੍ਹਾਂ ਨੇ ਆਪਣੇ ਖੇਤਾਂ ਦੀ ਪਰਾਲੀ ਨੂੰ ਬਿਲਕੁਲ ਵੀ ਅੱਗ ਨਹੀਂ ਲਾਈ। ਐਸਡੀਐਮ ਸਵਾਤੀ ਨੇ ਕਿਹਾ ਕਿ ਅਸੀਂ ਪਿਛਲੇ ਦੋ ਮਹੀਨਿਆਂ ਤੋਂ ਕਿਸਾਨਾਂ ਦੇ ਸੰਪਰਕ ਵਿੱਚ ਹਾਂ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕਰ ਰਹੇ ਹਾਂ, ਜਦਕਿ ਅੱਜ ਅਸੀਂ ਤਿੰਨ ਪਿੰਡਾਂ ਦਾ ਦੌਰਾ ਕੀਤਾ ਤਾਂ ਪਤਾ ਲੱਗਿਆ ਕਿ ਇਹ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਪਰਾਲੀ ਦੀ ਸੰਭਾਲ ਕੀਤੀ। ਇਸ ਲਈ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਹੋਰ ਕਿਸਾਨਾਂ ਨੂੰ ਵੀ ਚੰਗਾ ਸੁਨੇਹਾ ਦੇ ਸਕਣ।
ਕਿਸਾਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦਾ ਕੀਤਾ ਧੰਨਵਾਦ
ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਅਤੇ ਸਰਕਾਰ ਦਾ ਵੀ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਸਨਮਾਨਿਤ ਕੀਤਾ ਹੈ ਅਤੇ ਨਾਲ ਹੀ ਸਮੂਹ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ ਹੈ ਕਿਉਂਕਿ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਤਾਂ ਜੋ ਇਸ ਨੂੰ ਬਚਾਇਆ ਜਾ ਸਕੇ।