ਪਠਾਨਕੋਟ:ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ 'ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ।
ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ, ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ - ਸਰਕਾਰ ਵਪਾਰ ਮਿਲਣੀ
ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ 'ਤੇ ਭਾਰਤ ਸਰਕਾਰ ਕੋਲ ਉਠਾਉਣਗੇ।
Published : Feb 25, 2024, 8:07 PM IST
'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ: ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਨੂੰ ਅਖ਼ਤਿਆਰ ਦਿੱਤਾ ਗਿਆ ਹੈ।
ਵਪਾਰੀ ਭਾਈਚਾਰੇ ਦੀ ਭਲਾਈ:ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਮੁਹੱਈਆ ਕਰਦੇ ਹਨ, ਜਿਸ ਕਾਰਨ ਉਹ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੂਬੇ ਨੂੰ ਟੈਕਸ ਵਜੋਂ ਦਿੱਤੇ ਪੈਸੇ ਦੀ ਲੋਕਾਂ ਦੀ ਭਲਾਈ ਲਈ ਯੋਗ ਵਰਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।