SGPC ਪ੍ਰਧਾਨ ਦੀ ਤਾੜਨਾ (Etv Bharat (ਰਿਪੋਰਟ - ਪੱਤਰਕਾਰ, ਅੰਮ੍ਰਿਤਸਰ)) ਅੰਮ੍ਰਿਤਸਰ:ਫਿਲਮਾਂ ਅਤੇ ਸੀਰੀਅਲਾਂ ਵਿੱਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿੱਚ ਆਇਆ ਹੈ ਕਿ ਚੰਡੀਗੜ੍ਹ ਨੇੜੇ ਘੜੂਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈੱਟ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਕੇ ਆਨੰਦ ਕਾਰਜ ਦਾ ਸੀਨ ਫਿਲਮਾਇਆ ਗਿਆ, ਜੋ ਸਿੱਖ ਰਵਾਇਤਾਂ ਅਤੇ ਮਰਯਾਦਾ ਦੀ ਘੋਰ ਉਲੰਘਣਾ ਹੈ।
ਕਾਨੂੰਨ ਕਾਰਵਾਈ ਦੀ ਮੰਗ :ਧਾਮੀ ਨੇ ਕਿਹਾ ਕਿ ਭਾਵੇਂ ਸੰਗਤ ਨੇ ਇਸ ਨੂੰ ਬੰਦ ਕਰਵਾਉਣ ਦਾ ਉੱਦਮ ਕੀਤਾ ਹੈ, ਪਰ ਮੁਲਜ਼ਮਾਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ਿਲਮਾਂ ਦੀ ਸ਼ੂਟਿੰਗ ਸਮੇਂ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਣਾ ਜ਼ਰੂਰੀ ਹੈ ਕਿ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨਾਲ ਕਿਸੇ ਤਰ੍ਹਾਂ ਦੀ ਛੇੜ-ਛਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਕੇਵਲ ਪੈਸਾ ਕਮਾਉਣ ਖਾਤਰ ਵਪਾਰਕ ਹਿੱਤਾਂ ਤਹਿਤ ਧਰਮ ਦੀਆਂ ਪ੍ਰੰਪਰਾਵਾਂ ਦੀ ਉਲੰਘਣਾ ਕਰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹੇ ਲੋਕਾਂ ਨੂੰ ਬਾਜ ਆਉਣ ਦੀ ਤਾੜਨਾ ਕੀਤੀ।
ਅਰਚਨਾ ਮਕਵਾਨਾ ਉੱਤੇ ਚੱਲ ਰਹੀ ਕਾਰਵਾਈ:ਉੱਥੇ ਹੀ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਉੱਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਸੀ ਜੋ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਉਸ ਉੱਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਉਹ ਲੜਕੀ ਪੁਲਿਸ ਜਾਂਚ ਵਿਚ ਸ਼ਾਮਿਲ ਹੋ ਰਹੀ ਹੈ। ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ ਉੱਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਮਦਦ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਭਾਰਤ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਸਭਿਅਕ ਦੇਸ਼ ਹੈ ਅਤੇ ਇੱਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਬੋਲਣ ਦੀ ਅਜ਼ਾਦੀ ਲਈ ਮਾਪਦੰਡ ਵੱਖੋ-ਵੱਖਰੇ ਰੱਖਣੇ ਹਨ ਤਾਂ ਇਹ ਸਭ ਨੂੰ ਸੰਵਿਧਾਨਿਕ ਤੌਰ ਤੇ ਮਿਲੇ ਹੱਕ-ਹਕੂਕ ਕੇਵਲ ਇੱਕ ਕਾਗਜ਼ੀ ਪੁਲੰਦਾ ਹੀ ਕਹੇ ਜਾ ਸਕਦੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨੇੜਲੇ ਘੜੂੰਆਂ ਵਿਖੇ ਇਕ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ ਲਗਾ ਕੇ ਨਕਲੀ ਗੁਰਦੁਆਰਾ ਸਾਹਿਬ ਵਿੱਚ ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ਦੀ ਘਟਨਾ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆ ਕਿਹਾ ਕਿ ਫਿਲਮੀ ਖੇਤਰ ਦੇ ਲੋਕ ਆਪਣੇ ਵਪਾਰ ਨੂੰ ਮੁੱਖ ਰੱਖ ਕੇ ਸਿੱਖ ਪਰੰਪਰਾਵਾਂ ਨਾਲ ਖਿਲਵਾੜ ਕਰਨ ਵਾਲੀਆਂ ਹਰਕਤਾਂ ਤੋਂ ਬਾਜ਼ ਆਉਣ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਨ੍ਹਾਂ ਖ਼ਿਲਾਫ਼ ਸਖ਼ਤੀ ਵਰਤਣੀ ਪਵੇਗੀ।
ਨਕਲੀ ਵਿਆਹਾਂ ਦੇ ਫਿਲਮਾਂਕਣ ‘ਤੇ ਰੋਕ : ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਗੁਰੂ ਹਨ ਅਤੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਾਟਕਾਂ ਤੇ ਨਕਲੀ ਵਿਆਹਾਂ ਦੇ ਫਿਲਮਾਂਕਣ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਪੰਥ ਵਲੋਂ ਬਹੁਤ ਦੇਰ ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਜਾਂ ਗੁਰਦੁਆਰਾ ਸਾਹਿਬਾਨ ਵਿਚ ਨਕਲੀ ਵਿਆਹਾਂ ਦੇ ਫਿਲਮਾਂਕਣ ‘ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਫਿਲਮਾਂ ਤੇ ਟੀ.ਵੀ. ਸੀਰੀਅਲਾਂ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਕਲੀ ਵਿਆਹਾਂ ਨੂੰ ਫਿਲਮਾਉਣ ਤੋਂ ਬਾਜ਼ ਨਹੀਂ ਆ ਰਹੇ ਅਤੇ ਘੜੂੰਆਂ ਵਿੱਚ ਨਕਲੀ ਗੁਰਦੁਆਰਾ ਸਾਹਿਬ ਤਿਆਰ ਕਰਕੇ, ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ਦੀ ਘਟਨਾ ਨੇ ਹਰੇਕ ਸ਼ਰਧਾਵਾਨ ਸਿੱਖ ਦੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਅਨੰਦ ਕਾਰਜ ਦੇ ਫਿਲਮਾਂਕਣ ਲਈ ਨਕਲੀ ਗੁਰਦੁਆਰਾ ਸਾਹਿਬ ਹੀ ਕਿਉਂ ਨਾ ਤਿਆਰ ਕੀਤਾ ਗਿਆ ਹੋਵੇ, ਅਜਿਹਾ ਕਰਨਾ ਵੀ ਸਿੱਖ ਪਰੰਪਰਾਵਾਂ ਦੇ ਉਲਟ ਹੈ ਅਤੇ ਘੜੂੰਆਂ ਵਿਖੇ ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ ਲਗਾ ਕੇ ਸ਼ੂਟਿੰਗ ਦੌਰਾਨ ਉੱਥੇ ਫਿਲਮੀ ਅਦਾਕਾਰਾਂ ਵਲੋ ਸਿਗਰਟਨੋਸ਼ੀ ਕਰਨ ਦੀ ਵੀ ਸੂਚਨਾ ਮਿਲੀ ਹੈ, ਜੋ ਕਿ ਨਾ-ਕਾਬਲੇ ਬਰਦਾਸ਼ਤ ਹੈ।
ਕਾਨੂੰਨੀ ਕਾਰਵਾਈ ਕੀਤੀ ਜਾਵੇਗੀ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਉਹ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਘੜੂੰਆਂ ਵਿਖੇ ਨਕਲੀ ਗੁਰਦੁਆਰਾ ਸਾਹਿਬ ਤਿਆਰ ਕਰਕੇ ਅਨੰਦ ਕਾਰਜ ਦੇ ਫਿਲਮਾਂਕਣ ਦੀ ਪੂਰੀ ਘਟਨਾ ਦੀ ਰਿਪੋਰਟ ਮੰਗਵਾਉਣਗੇ ਅਤੇ ਦੋਸ਼ੀਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦੇਣਗੇ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਦੌਰਾਨ ਜਿਹੜੇ ਸਾਬਤ ਸੂਰਤ ਸਿੱਖ ਅਦਾਕਾਰ/ ਨਿਰਦੇਸ਼ਕ ਜਾਂ ਸਹਾਇਕ ਕਰਮੀ ਸਿੱਖ ਮਰਿਆਦਾ ਦੀ ਉਲੰਘਣਾ ਦੀ ਘਟਨਾ ਵਿਚ ਦੋਸ਼ੀ ਜਾਂ ਮਦਦਗਾਰ ਪਾਏ ਗਏ ਉਨ੍ਹਾਂ ਖ਼ਿਲਾਫ਼ ਸਿੱਖ ਪਰੰਪਰਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਬਹੁਤ ਜਲਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਭਵਿੱਖ ਲਈ ਫਿਲਮਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਅਨੰਦ ਕਾਰਜ ਦਿਖਾਉਣ ‘ਤੇ ਪਾਬੰਦੀ ਸਬੰਧੀ ਸਖ਼ਤ ਫੈਸਲਾ ਵੀ ਲਿਆ ਜਾਵੇਗਾ।