ਅੰਮ੍ਰਿਤਸਰ:ਅੱਜ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ। ਧਾਮੀ ਨੂੰ 107 ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਹਨ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਇਸ ਚੋਣ ਉਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਜਰਨਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੱਥ ਖੜ੍ਹੇ ਕਰਵਾ ਕੇ ਸਰਬਸੰਮਤੀ ਦੀ ਅਪੀਲ ਕੀਤੀ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਪੀਲ ਮਗਰੋਂ ਵਿਰੋਧੀ ਧਿਰ ਵੱਲੋਂ ਵੋਟਿੰਗ ਦੀ ਮੰਗ ਕੀਤੀ ਗਈ ਸੀ।
ਕਿਸ ਵਿਚਕਾਰ ਸੀ ਮੁਕਾਬਲਾ
ਦਸ ਦਈਏ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਕਾਰ ਸੀ। ਇਸ ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਸਾਲਾਨਾ ਜਰਨਲ ਇਜਲਾਸ 'ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਈ। ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਾਲਾ ਨਜ਼ਰ ਆਇਆ। ਜਾਣਕਾਰੀ ਅਨੁਸਾਰ ਅੱਜ ਪੂਰੇ ਪੰਜਾਬ ਦੇ ਮੈਂਬਰਾਂ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਐੱਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਬਾਵਾ ਵੀ ਉਚੇਚੇ ਤੌਰ ਉਤੇ ਪਹੁੰਚੇ ਸਨ।