ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਪਾਸੇ ਜਿਥੇ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿੱਖਰਾਂ 'ਤੇ ਹੈ ਤਾਂ ਉਥੇ ਹੀ ਦੂਜੇ ਪਾਸੇ ਅੱਜ ਇੱਕ ਹੋਰ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਲੱਗਿਆ ਜਦੋਂ ਬੰਗਾ ਤੋਂ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਖੁਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਕਰਵਾਇਆ ਸ਼ਾਮਲ:ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾ. ਸੁਖਵਿੰਦਰ ਸੁੱਖੀ ਦੇ ਆਪ 'ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵਗੀ ਤੇ ਦਿਲੋਂ ਇੰਨ੍ਹਾਂ ਦਾ ਮੈਂ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਹੋਰ ਪਾਰਟੀ 'ਚ ਵੀ ਕੁਝ ਵਧੀਆ ਲੀਡਰ ਹਨ, ਜਿੰਨ੍ਹਾਂ ਵਿਚੋਂ ਡਾ. ਸੁੱਖੀ ਇੱਕ ਹਨ। ਇੰਨ੍ਹਾਂ ਨੇ ਹਮੇਸ਼ਾ ਆਪਣੇ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਹਨ ਅਤੇ ਦੂਜੀ ਪਾਰਟੀ ਦੇ ਹੋਣ ਦੇ ਬਾਵਜੂਦ ਵੀ ਮੇਰੇ ਤੱਕ ਹਲਕੇ ਦੇ ਮਸਲਿਆਂ ਨੂੰ ਲੈਕੇ ਖੁਦ ਪਹੁੰਚ ਕਰਦੇ ਰਹੇ ਹਨ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਪਾਰਟੀ 'ਚ ਆਮ ਆਦਮੀ ਹਨ ਜਦਕਿ ਦੂਜੀਆਂ ਪਾਰਟੀਆਂ 'ਚ ਭਾਈ-ਭਤੀਜਾਵਾਦ ਭਾਰੂ ਹੈ। ਉਨ੍ਹਾਂ ਕਿਹਾ ਕਿ ਅਸੀਂ ਛੋਟੀ ਰਾਜਨੀਤੀ ਨਹੀਂ ਕਰਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ 'ਆਪ' ਦੀ ਤਰਜੀਹ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਡਾ: ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਾ. ਸੁੱਖੀ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਵੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਹਲਕੇ ਦੇ ਵਿਕਾਸ ਲਈ ਹੋਏ ਸ਼ਾਮਲ: ਇਸ ਮੌਕੇ ਡਾ. ਸੁਖਵਿੰਦਰ ਸੁੱਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਾਮਲ ਕਰਵਾਇਆ ਹੈ ਜਦੋਂ ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਨਵਾਂਸ਼ਹਿਰ 'ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ 'ਚ ਰਹਿੰਦਿਆਂ ਜਨਤਾ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ 'ਚ ਪੂਰਾ ਮਾਣ-ਸਨਮਾਨ ਮਿਲਿਆ ਹੈ ਪਰ ਉਨ੍ਹਾਂ ਲਈ ਹਲਕੇ ਦਾ ਵਿਕਾਸ ਪਹਿਲਾਂ ਹੈ।