ਅੰਮ੍ਰਿਤਸਰ:ਪੰਜਾਬ ਵਿੱਚ ਵੱਧ ਰਹੇ ਪ੍ਰਦੂਸ਼ਣ ਅਤੇ ਗੰਧਲੇ ਪਾਣੀ ਨੂੰ ਸਹੀ ਕਰਨ ਵਾਸਤੇ ਅਤੇ ਬਿਮਾਰੀਆਂ ਤੋਂ ਬਚਣ ਵਾਸਤੇ ਜਿੱਥੇ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਕੰਮ ਕਰ ਰਹੀਆਂ ਹਨ। ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਮਿਲਣ ਪਹੁੰਚਿਆ ਅਤੇ ਉਨ੍ਹਾਂ ਵੱਲੋਂ ਇੱਕ ਮੰਗ ਪੱਤਰ ਵੀ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ 'ਚ ਪਾਰਟੀ ਵਰਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਇੱਕ ਮੰਗ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪਿਆ।
ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਕੋਈ ਨੁਕਸਾਨ ਨਾ ਪਹੁੰਚੇ
ਇਸ ਮੌਕੇ ’ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਇਮਾਨ ਸਿੰਘ ਮਾਨ ਨੇ ਕਿਹਾ ਕਿ ਭਗਤਾਂ ਵਾਲੇ ਵਿਖੇ ਕੂੜੇ ਦੇ ਵਿਸ਼ਾਲ ਡੰਪ ਨੂੰ ਜਦੋਂ ਵੀ ਅੱਗ ਲੱਗਦੀ ਹੈ ਤਾਂ ਇਸ ਦੇ ਪ੍ਰਦੂਸ਼ਣ ਦਾ ਸਿੱਧਾ ਅਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ 'ਤੇ ਹੁੰਦਾ ਹੈ। ਇਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਵੱਲੋਂ ਵੀ ਇਸ ’ਤੇ ਵਿਚਾਰ ਕਰ ਕੇ ਕੋਈ ਅਜਿਹੇ ਪ੍ਰਬੰਧ ਕਰੇ, ਜਿਸ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਕੋਈ ਨੁਕਸਾਨ ਨਾ ਪਹੁੰਚੇ।