ਪਟਿਆਲਾ:7 ਮੈਂਬਰੀ ਕਮੇਟੀ ਨੂੰ ਲੈ ਕੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ। ਹੁਣ ਇਸ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ 11 ਫਰਵਰੀ ਨੂੰ ਬਹਾਦੁਰਗੜ੍ਹ ਵਿਖ਼ੇ ਕਮੇਟੀ ਦੀ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।
7 ਮੈਂਬਰੀ ਕਮੇਟੀ ਦੀ ਮੀਟਿੰਗ (ETV Bharat) ਕਿਸ ਮਾਹੌਲ 'ਚ ਹੋਈ ਮੀਟਿੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਹਾਦਰਗੜ੍ਹ ਵਿਖੇ ਹੋਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਅੱਜ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਇੱਥੇ ਹੋਈ ਅਤੇ ਇਹ ਮੀਟਿੰਗ ਬਹੁਤ ਹੀ ਸੁਹਿਰਦ ਮਾਹੌਲ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਰੱਖੇ।
ਮੀਟਿੰਗ 'ਚ ਕੌਣ-ਕੌਣ ਹੋਏ ਸ਼ਾਮਿਲ
ਕਾਬਲੇਜ਼ਿਕਰ ਹੈ ਕਿ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪਾਰਟੀ ਦੀ ਏਕਤਾ ਲਈ ਕੰਮ ਕਰਨ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਸਤਵੰਤ ਕੌਰ (ਪੁੱਤਰੀ ਸ਼ਹੀਦ ਅਮਰੀਕ ਸਿੰਘ) ਨੂੰ ਸ਼ਾਮਲ ਕੀਤਾ ਗਿਆ ਸੀ, ਇਹ ਸਾਰੇ ਮੈਂਬਰ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਏ।
ਧਾਰਮਿਕ ਸਜ਼ਾ ਦੌਰਾਨ ਬਣਾਈ ਸੀ ਕਮੇਟੀ
ਗੌਰਤਲਬ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਪਾਰਟੀ ਦੀ ਲੀਡਰਸ਼ਿਪ ਬਦਲਣ ਲਈ ਇਹ ਕਮੇਟੀ ਬਣਾਈ ਗਈ ਸੀ। ਕਮੇਟੀ ਨੂੰ ਛੇ ਮਹੀਨਿਆਂ ਅੰਦਰ ਮੈਂਬਰਸ਼ਿਪ ਦੀ ਪ੍ਰਕਿਰਿਆ ਪੂਰੀ ਕਰਕੇ ਪਾਰਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।