ਬਰਨਾਲਾ:ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ 'ਤੇ ਬਰਨਾਲਾ ਦੇ ਐੱਸ.ਐੱਸ.ਪੀ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ, ਵਾਕਾਥਨ ਅਤੇ 5 ਕਿਲੋਮੀਟਰ ਦੌੜ ਕਰਵਾਈ ਗਈ। ਬਰਨਾਲਾ ਪੁਲਿਸ ਨੇ ਇਹ ਮੁਹਿੰਮ ਡੀਜੀਪੀ ਪੰਜਾਬ ਅਤੇ ਐਸਐਸਪੀ ਬਰਨਾਲਾ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਦੀ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੀ ਮੰਗ ਨੂੰ ਲੈ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਤੇ ਸਿਹਤ ਪ੍ਰਤੀ ਜਾਗਰੂਕ ਹੋਣ ਲਈ ਚਲਾਈ ਹੈ। ਬਰਨਾਲਾ ਸਬ-ਡਵੀਜ਼ਨ ਪੁਲੀਸ ਪ੍ਰਸ਼ਾਸਨ ਵੱਲੋਂ ਸਿਵਲ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਇਸ ਸਬੰਧੀ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੁਲਿਸ ਪ੍ਰਸ਼ਾਸਨ, ਸਾਂਝ ਕੇਂਦਰ ਸਿੱਖਿਆ ਵਿਭਾਗ, ਖੇਡ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਖੇਡਾਂ ਨਾਲ ਜੁੜੇ ਨੌਜਵਾਨਾਂ ਅਤੇ ਬੱਚਿਆਂ ਨੇ ਭਾਗ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਸਤਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸਟੇਟ ਪੱਧਰ 'ਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਖੇਡ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਬਰਨਾਲਾ ਸਬ-ਡਵੀਜ਼ਨ ਦਾ ਪ੍ਰੋਗਰਾਮ ਜ਼ਿਲ੍ਹਾ ਪ੍ਰਬੰਧਕੀ ਕਮੇਟੀ ਦੇ ਕੰਪਲੈਕਸ ਵਿੱਚ ਕਰਵਾਇਆ ਜਾ ਰਿਹਾ ਹੈ।