ਪੰਜਾਬ

punjab

ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਦਿੱਤਾ ਆਦੇਸ਼

ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਦੇਸ਼ ਦਿੱਤਾ ਹੈ। ਪੜ੍ਹੋ ਖ਼ਬਰ...

ਜਥੇਦਾਰ ਗਿਆਨੀ ਰਘਬੀਰ ਸਿੰਘ
ਜਥੇਦਾਰ ਗਿਆਨੀ ਰਘਬੀਰ ਸਿੰਘ (ETV BHARAT)

By ETV Bharat Punjabi Team

Published : Oct 29, 2024, 8:22 PM IST

ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਨਵੰਬਰ ਨੂੰ ਬੰਦੀ ਛੋੜ ਦਿਵਸ ਮੌਕੇ ਬੰਦੀ ਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ।

ਸਿੱਖ ਨਸਲਕੁਸ਼ੀ ਦੇ 40 ਵਰ੍ਹੇ ਪੂਰੇ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ। ਉਨ੍ਹਾਂ ਕਿਹਾ ਕਿ 1 ਨਵੰਬਰ 2024 ਨੂੰ ਸਿੱਖ ਨਸਲਕੁਸ਼ੀ ਦੇ 40 ਵਰ੍ਹੇ ਹੋਣ ਜਾ ਰਹੇ ਹਨ।

1 ਨਵੰਬਰ ਨੂੰ ਹੈ ਬੰਦੀ ਛੋੜ ਦਿਵਸ

ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਦੌਰਾਨ ਸਿੱਖਾਂ ਨੇ ਭਾਰਤੀ ਹਕੂਮਤ ਦੀ ਸਰਪ੍ਰਸਤੀ ਹੇਠ ਹੋਏ ਆਪਣੇ ਨਰਸੰਹਾਰ ਦੇ ਬਹੁਪੱਖੀ ਪ੍ਰਭਾਵਾਂ ਵਿਚੋਂ ਉਭਰਦਿਆਂ ਆਪਣੇ ਕੌਮੀ ਬਿਰਤਾਂਤ ਨੂੰ ਮੁੜ ਸਥਾਪਿਤ ਕਰਨ ਲਈ ਜਿਹੜਾ ਸੰਘਰਸ਼ਸ਼ੀਲ ਪੈਂਡਾ ਤੈਅ ਕੀਤਾ ਹੈ, ਉਹ ਵੀ ਅਦੁੱਤੀ ਅਤੇ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਨਵੰਬਰ ‘84 ਇਕ ਅਜਿਹਾ ਨਾਸੂਰ ਹੈ ਜੋ ਰਹਿੰਦੀ ਦੁਨੀਆ ਤੱਕ ਸਿੱਖ ਮਾਨਸਿਕਤਾ ਵਿਚ ਤਾਜ਼ਾ ਰਹੇਗਾ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਆਮਦ ਦੀ ਯਾਦ ਵਿਚ ਬੰਦੀ ਛੋੜ ਦਿਵਸ ਵੀ ਹੈ।

ਸਿਰਫ ਘਿਓ ਦੇ ਦੀਵਿਆਂ ਦੀ ਹੀ ਕੀਤੀ ਜਾਵੇ ਦੀਪਮਾਲਾ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਬੰਦੀ ਛੋੜ ਦਿਵਸ ਮੌਕੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਬਿਜਲਈ ਸਜਾਵਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ਵ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਇਕ ਨਵੰਬਰ ਵਾਲੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਯਾਦ ਵਿਚ ਬੰਦੀ ਛੋੜ ਦਿਵਸ ਮਨਾਉਂਦਿਆਂ ਗੁਰਦੁਆਰਾ ਸਾਹਿਬਾਨ ਅਤੇ ਘਰਾਂ ਵਿਚ ਸਿਰਫ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕੀਤੀ ਜਾਵੇ।

ABOUT THE AUTHOR

...view details