ਬਰਨਾਲਾ: ਅੱਜ ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਕੀਤੀ ਜਾ ਰਹੀ ਕਿਸਾਨ ਮਜ਼ਦੂਰ ਮਹਾਂਪੰਚਾਇਤ ਦੀਆਂ ਠੋਸ ਤਿਆਰੀਆਂ ਲਈ ਅੱਜ ਬਰਨਾਲਾ ਦੀ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਿੰਡ ਪੱਧਰ ਤੱਕ ਦੇ ਆਗੂਆਂ ਦੀ ਵਧਵੀਂ ਮੀਟਿੰਗ ਕੀਤੀ ਗਈ।
ਇਸ ਮੌਕੇ 100 ਤੋਂ ਵੱਧ ਔਰਤ ਆਗੂਆਂ ਅਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਤਿੰਨ ਹਜ਼ਾਰ ਤੋਂ ਵੱਧ ਕਿਸਾਨ ਆਗੂ/ਵਰਕਰ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਇਸ ਮਹਾਂਪੰਚਾਇਤ ਦਾ ਇਕੱਠ ਮੋਦੀ ਭਾਜਪਾ ਸਰਕਾਰ ਅਤੇ ਕਾਰਪੋਰੇਟਾਂ ਦੇ ਕਫ਼ਨ ਵਿੱਚ ਕਿੱਲ ਸਾਬਤ ਹੋਵੇਗਾ।
ਇਸ ਲਈ ਸਾਰੇ ਜ਼ਿਲ੍ਹਿਆਂ ਨੂੰ ਜ਼ੋਰਦਾਰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਵੱਡੀਆਂ ਬੱਸਾਂ ਰਾਹੀਂ ਵਿਸ਼ਾਲ ਕਾਫ਼ਲੇ ਬੰਨ੍ਹ ਕੇ ਦਿੱਲੀ ਵੱਲ ਚਾਲੇ ਪਾਏ ਜਾਣ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਇਹ ਕਾਫ਼ਲੇ 13 ਮਾਰਚ ਨੂੰ 12 ਵਜੇ ਤੋਂ ਪਹਿਲਾਂ ਪਹਿਲਾਂ ਰਵਾਨਾ ਹੋਣਗੇ ਅਤੇ 14 ਮਾਰਚ ਦੀ ਸਵੇਰ 10 ਵਜੇ ਤੱਕ ਰਾਮਲੀਲਾ ਮੈਦਾਨ ਪਹੁੰਚਣਗੇ।
ਮਹਾਂਪੰਚਾਇਤ ਦੀਆਂ ਮੰਗਾਂ ਬਾਰੇ ਉਨ੍ਹਾਂ ਦੱਸਿਆ ਕਿ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਆ ਕੇ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਮੁੱਖ ਹੈ।
ਦੂਜੇ ਨੰਬਰ ਤੇ ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਅਮਿਤ ਸ਼ਾਹ ਅਤੇ ਅਨਿਲ ਵਿਜ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ ਦੀ ਮੰਗ ਹੈ। ਕਾਲੇ ਖੇਤੀ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਅਤੇ ਮੌਜੂਦਾ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਵੀ ਸ਼ਾਮਲ ਹਨ।
ਮੀਟਿੰਗ ਵੱਲੋਂ ਇੱਕ ਮਤਾ ਪਾਸ ਕਰਕੇ ਪੇਂਡੂ ਅਤੇ ਜ਼ਮੀਨ ਪ੍ਰਾਪਤੀ ਮਜ਼ਦੂਰਾਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ ਫੇਲ੍ਹ ਕਰਨ ਲਈ ਥਾਂ ਥਾਂ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਨਜ਼ਰਬੰਦ ਮਜ਼ਦੂਰਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਨੂੰ ਪਰਵਾਰਾਂ ਸਮੇਤ ਵਹੀਰਾਂ ਘੱਤ ਕੇ ਦਿੱਲੀ ਪੁੱਜਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ ਅਤੇ ਹਰਿੰਦਰ ਕੌਰ ਬਿੰਦੂ ਵੀ ਹਾਜ਼ਰ ਸਨ।