ਸੁਖਬੀਰ ਬਾਦਲ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ (ETV Bharat Amritsar) ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ’ਤੇ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ।
15 ਦਿਨਾਂ ਦੇ ਅੰਦਰ ਅਕਾਲ ਤਖ਼ਤ ਪਹੁੰਚ ਕੇ ਸਪੱਸ਼ਟੀਕਰਨ ਦੇਣ ਦਾ ਸੀ ਹੁਕਮ:ਦੱਸ ਦਈਏ ਕਿ ਮੁਆਫ਼ੀ ਪੱਤਰ ਸੌਂਪਣ ਤੋਂ ਬਾਅਦ 15 ਜੁਲਾਈ ਨੂੰ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਨੇ ਸੁਖਬੀਰ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਨਿੱਜੀ ਤੌਰ 'ਤੇ ਜਾ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਸਨ। ਸੁਖਬੀਰ ਨੇ ਇੱਕ ਸੱਚੇ ਸਿੱਖ ਵਾਂਗ 16 ਜੁਲਾਈ ਨੂੰ ਪੱਕਾ ਕਰ ਦਿੱਤਾ ਸੀ ਕਿ ਉਹ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ਸਾਹਿਬ ਪਹੁੰਚ ਜਾਵੇਗਾ। ਅੱਜ ਉਹਨਾਂ ਦੇ ਨਾਲ ਡਾਕਟਰ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਆਦਿ ਆਗੂ ਵੀ ਮੌਜੂਦ ਹਨ।
ਇਸ ਤੋਂ ਪਹਿਲਾਂ 1 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਪਿਛਲੀ ਅਕਾਲੀ ਸਰਕਾਰ ਦੌਰਾਨ ਹੋਈਆਂ ਗਲਤੀਆਂ ਅਤੇ ਗੁਨਾਹਾਂ ਲਈ ਜਥੇਦਾਰ ਨੂੰ ਮੁਆਫੀ ਪੱਤਰ ਸੌਂਪਿਆ ਸੀ। ਬੀਤੇ ਦਿਨ ਹੀ ਉਨ੍ਹਾਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ। ਜਿਸ ਵਿੱਚ ਬਾਗੀ ਧੜੇ ਦੇ ਆਗੂ ਵੀ ਸ਼ਾਮਲ ਹਨ।
ਸੁਖਬੀਰ ਸਿੰਘ ਬਾਦਲ ਨੇ ਮੀਡੀਆ ਤੋਂ ਬਣਾਈ ਦੂਰੀ: ਕਾਬਿਲਗੌਰ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਪੂਰੀ ਤਰੀਕੇ ਨਾਲ ਦੂਰੀ ਬਣਾਈ ਰੱਖੀ ਅਤੇ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਬੰਦ ਲਿਫਾਫਾ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਗਿਆ ਹੈ ਅਤੇ ਇਸ ਦੇ ਉੱਪਰ ਕਿਸ ਤਰੀਕੇ ਦਾ ਫੈਸਲਾ ਲਿਆ ਜਾਣਾ ਹੈ। ਉਹ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੀ ਦੱਸਣਗੇ।
ਪੰਜ ਸਿੰਘ ਸਾਹਿਬਾਨਾਂ ਦੀ ਦੁਬਾਰਾ ਮੀਟਿੰਗ ਹੋਵੇਗੀ:ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ ਅਤੇ ਪੰਜ ਸਿੰਘ ਸਾਹਿਬਾਨਾਂ ਦੀ ਦੁਬਾਰਾ ਮੀਟਿੰਗ ਹੋਵੇਗੀ। ਉਸ ਮੀਟਿੰਗ ਵਿੱਚ ਇਸ ਸਪੱਸ਼ਟੀਕਰਨ ਬਾਰੇ ਵਿਚਾਰ ਕਰਨ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ।