ਪੰਜਾਬ ਬਚਾਓ ਯਾਤਰਾ ਦੌਰਾਨ ਪਟਿਆਲਾ ਪਹੁੰਚੇ ਸੁਖਬੀਰ ਸਿੰਘ ਬਾਦਲ ਪਟਿਆਲਾ: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ 1 ਫਰਵਰੀ ਤੋਂ ‘ਪੰਜਾਬ ਬਚਾਓ’ ਯਾਤਰਾ ਕੱਢ ਕੇ ‘ਆਪ’ ਸਰਕਾਰ ਦੇ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ। ਇਸ ਦੌਰਾਨ ਹੀ ਅੱਜ ਪਟਿਆਲਾ ਦੇ ਦੇਵੀਗੜ੍ਹ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ।
ਅੱਜ ਦੀ ‘ਪੰਜਾਬ ਬਚਾਓ’ ਯਾਤਰਾ ਅਨਾਜ ਮੰਡੀ ਦੇਵੀਗੜ੍ਹ ਤੋਂ ਸ਼ੁਰੂ ਹੋ ਕੇ ਭੁੱਨਰਹੇੜੀ, ਪੰਜੇਟਾ, ਜੌੜੀਆਂ ਸੜਕਾਂ, ਸਨੌਰ ਅਨਾਜ ਮੰਡੀ ਹੁੰਦੀ ਹੋਈ ਹਲਕਾ ਘਨੌਰ ਲਈ ਰਵਾਨਾ ਹੋ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਐੱਨਕੇ ਸ਼ਰਮਾ, ਸ਼੍ਰੋਮਣੀ ਕਮੇਟੀ ਮੈਂਬਰਾਨ ਜਸਮੇਰ ਲਾਛੜੂ, ਜਰਨੈਲ ਕਰਤਾਰ, ਘਨੌਰ ਹਲਕੇ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ, ਤੇਜਿੰਦਰਪਾਲ ਸਿੰਘ ਸੰਧੂ, ਡਾ. ਯਸ਼ਪਾਲ ਖੰਨਾ, ਰਣਧੀਰ ਸਿੰਘ ਰੱਖੜਾ ਆਦਿ ਆਗੂ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ। ਹਮੇਸ਼ਾ ਜੋ ਕਹਿੰਦਾ ਹੈ, ਉਹ ਕਰਦਾ ਵੀ ਹੈ। ਉਹਨਾਂ ਵਿਰੋਧੀ ਪਾਰਟੀਆਂ ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀਆਂ ਨੈਸ਼ਨਲ ਪਾਰਟੀਆਂ ਤੋਂ ਬਚਾਉਣ ਦੀ ਲੋੜ ਹੈ ਕਿਉਂਕਿ ਹਰ ਪਾਰਟੀ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੀ ਹੈ, ਪੰਜਾਬ ਦੀ ਕਿਸਾਨੀ ਨੂੰ ਬਚਾਉਣ ਦੀ ਗੱਲ ਕਰਦੀ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲਿਜਾਣ ਦੀ ਗੱਲ ਕਰਦੀ ਹੈ।
ਬਾਹਰਲਿਆਂ ਨੂੰ ਭਜਾਓ ਅਤੇ ਅੰਦਰਲਿਆਂ ਨੂੰ ਜਿਤਾਓ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਰਾਜ ਆਇਆ ਹੈ ਉਦੋਂ ਤੋਂ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਲਈ ਪੰਜਾਬ ਦੇ ਲੋਕ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਬਾਹਰਲਿਆਂ ਨੂੰ ਭਜਾਉਣ ਅਤੇ ਅੰਦਰਲਿਆਂ ਨੂੰ ਜਿਤਾਉਣ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦਾ ਦਿਲ ਨਹੀਂ ਜਿੱਤਣਾ ਚਾਹੁੰਦੀਆਂ ਸਗੋਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਪੰਜਾਬ ਵਾਸੀਆਂ ਨੂੰ ਦੋਵੇਂ ਹੱਥੀਂ ਲੁੱਟਿਆ ਹੈ।