ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਮੰਡੀ ਦੇ ਗੁੱਜਰਾਂ ਪਿੰਡ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ। ਜਿਸ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਵਿਰੋਧੀ ਪਾਰਟੀ ਵੱਲੋਂ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਇਸ ਮਾਮਲੇ ਵਿੱਚ ਤੁਰੰਤ ਰਿਪੋਰਟ ਦੀ ਮੰਗ ਕੀਤੀ ਹੈ। ਪੰਜਾਬ ਪੁਲਿਸ ਨੇ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਅੱਜ ਸਾਰਾ ਦਿਨ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਪਿੰਡ ਵਿੱਚ ਆਉਣਾ ਜਾਣਾ ਲੱਗਿਆ ਹੋਇਆ ਹੈ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਐਤਵਾਰ ਨੂੰ ਮ੍ਰਿਤਕ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਵਾਇਆ ਹੈ। ਇਸ ਦੌਰਾਨ ਹੀ ਅੱਜ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਭਾਰਤੀ ਜਨਤਾ ਪਾਰਟੀ ਦੇ ਇਕਾਈ ਪ੍ਰਧਾਨ ਸੁਨੀਲ ਜਾਖੜ ਪਹੁੰਚੇ ਹਨ। ਉਹਨਾਂ ਨੇ ਪੰਜਾਬ ਦੇ ਏਡੀਜੀਪੀ ਨੂੰ ਸਹੀ ਤਰੀਕੇ ਨਾਲ ਅਤੇ ਜਲਦੀ ਤੋਂ ਜਲਦੀ ਜਾਂਚ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਉਹਨਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਜੁੰਮੇਵਾਰੀ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆ ਉੱਪਰ ਹੈ। ਭਗਵੰਨ ਮਾਨ ਦੀ ਸਭ ਤੋਂ ਪਹਿਲਾਂ ਇਹ ਜੁੰਮੇਵਾਰੀ ਬਣਦੀ ਸੀ ਕਿ ਉਹ ਆ ਕੇ ਇਹਨਾਂ ਪਰਿਵਾਰਾਂ ਨੂੰ ਸਭਾਂਲਦੇ। ਉਹਨਾਂ ਕਿਹਾ ਕਿ ਵੈਸੇ ਤਾਂ ਭਗਵੰਤ ਮਾਨ ਕਹਿੰਦੇ ਹਨ ਕਿ ਸੰਗਰੂਰ ਮੇਰਾ ਆਪਣਾ ਪਰਿਵਾਰ ਹੈ, ਉਹਨਾਂ ਦਾ ਫਰਜ਼ ਬਣਦਾ ਸੀ ਕਿ ਉਹ ਆ ਕੇ ਇਹਨਾਂ ਪਰਿਵਾਰਾਂ ਨੂੰ ਸਾਂਭਦੇ। ਅੱਜ ਜਦੋਂ ਉਹਨਾਂ ਨੂੰ ਪਤਾ ਲੱਗਿਆ ਵੀ ਸੁਨੀਲ ਜਾਖੜ ਮ੍ਰਿਤਕ ਨੌਜਵਾਨਾਂ ਦੇ ਘਰ ਪਹੁੰਚ ਰਹੇ ਹਨ ਤਾਂ ਤੁਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਨਾਲ ਹਰਪਾਲ ਚੀਮਾਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਘਰ ਪਹੁੰਚ ਗਏ।