ਅੰਮ੍ਰਿਤਪਾਲ ਸਿੰਘ ਦੀ ਚੜ੍ਹਦੀ ਕਲਾ ਦੇ ਲਈ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਆਰੰਭ (ਈਟੀਵੀ ਭਾਰਤ (ਅੰਮ੍ਰਿਤਸਰ)) ਅੰਮ੍ਰਿਤਸਰ:ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਹੁਣ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਰਿਹਾ ਹੈ। ਅੰਮ੍ਰਿਤ ਸੰਚਾਰ ਪ੍ਰੋਗਰਾਮ ਦੌਰਾਨ ਗੁਰਦੁਆਰਾ ਨਾਨਕਸਰ ਸਰਾਂ ਰੋਡ ਜੰਡਿਆਲਾ ਵਿਖੇ ਹੀ ਅੰਮ੍ਰਿਤਪਾਲ ਸਿੰਘ ਪਹੁੰਚਦੇ ਸਨ। ਇਸੇ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਰੱਖਵਾਇਆ ਗਿਆ ਹੈ।
ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ : ਸੰਗਤ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀ ਚੜ੍ਹਦੀ ਕਲਾ ਲਈ ਜੰਡਿਆਲਾ ਵਿੱਚ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਸੰਗਤਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਗਿਆ। ਇਸ ਤਰ੍ਹਾਂ ਨੂੰ ਵੱਖ ਵੱਖ ਆਗੂਆਂ ਨੇ ਕਿਹਾ ਕਿ ਜਿਹੜਾ ਵੀ ਨੌਜਵਾਨ ਨਸ਼ੇ ਦੇ ਖਾਤਮੇ ਦੇ ਲਈ ਅੱਗੇ ਆਉਂਦਾ ਹੈ ਜਾਂ ਫਿਰ ਪੰਥ ਦੀ ਗੱਲ ਕਰਦਾ ਹੈ, ਤਾਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਜੇਲਾਂ ਦੇ ਅੰਦਰ ਡੱਕਿਆ ਜਾ ਰਿਹਾ ਹੈ।
ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 'ਚ ਸ਼ਾਮਲ ਹੋਣ ਦੀ ਅਪੀਲ :ਇਸੇ ਲੜੀ ਦੇ ਤਹਿਤ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਸਰਕਾਰ ਵੱਲੋਂ ਐਨਐਸਏ ਲਗਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਪਰ, ਹੁਣ ਅੰਮ੍ਰਿਤਪਾਲ ਸਿੰਘ ਆਜ਼ਾਦ ਚੋਣ ਲੜ ਰਹੇ ਹਨ ਅਤੇ ਇਨ੍ਹਾਂ ਆਜ਼ਾਦ ਚੋਣਾਂ ਵਿੱਚ ਸੰਗਤਾਂ ਵੱਡੇ ਬਹੁਮਤ ਦੇ ਨਾਲ ਉਸ ਨੂੰ ਜਿਤਾ ਕੇ ਵਾਪਸ ਆਪਣੇ ਵਿੱਚ ਲੈ ਕੇ ਆਉਣਗੀਆਂ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਹੁੰਮ ਹੁੰਮਾ ਕੇ ਪਹੁੰਚਣ ਅਤੇ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਵੀ ਇੱਥੇ ਵਿਸ਼ੇਸ਼ ਤੌਰ ਉੱਤੇ ਪੁੱਜਣਗੇ।
ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਅੰਮ੍ਰਿਤਪਾਲ:ਖਡੂਰ ਸਾਹਿਬ ਸੀਟ 'ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ ਦੇ ਮਨਜੀਤ ਸਿੰਘ ਮੰਨਾ, ਆਜਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਮੁਕਾਬਲਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਐਨਐਸਏ ਐਕਟ, 1980 ਦੇ ਤਹਿਤ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਮਾਰਚ ਵਿੱਚ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੁਆਰਾ ਉਸ ਦੇ ਖਿਲਾਫ ਦੂਜੀ ਨਜ਼ਰਬੰਦੀ ਦੇ ਹੁਕਮ ਪਾਸ ਕੀਤੇ ਗਏ।