ਅੰਮ੍ਰਿਤਸਰ: ਕਿਸਾਨਾਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਲਗਾਤਾਰ ਮੋਰਚੇ ਚੱਲ ਰਹੇ ਹਨ।ਇਸੇ ਦੌਰਨ ਪਿਛਲੇ 22 ਦਿਨਾਂ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ। ਇਸੇ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਸਿਆਸਤਦਾਨਾਂ, ਕਲਾਕਾਰਾਂ ਦਾ ਸਮਰਥਨ ਮਿਲ ਰਿਹਾ ਹੈ ਹੁਣ ਇਸ ਸਭ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਕਿਸਾਨੀ ਮੋਰਚੇ ਨੂੰ ਸਮਰਥਨ ਦਿੱਤਾ ਗਿਆ ਹੈ। ਬੇਸ਼ੱਕ ਇਸ ਸਮੇਂ ਅੰਮ੍ਰਿਤਪਾਲ ਆਸਾਮ ਦੀ ਡਿਬੜੂਗੜ ਜੇਲ੍ਹ 'ਚ ਬੰਦ ਨੇ ਪਰ ਉਨ੍ਹਾਂ ਵੱਲੋਂ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਵੱਲੋਂ ਵੱਡੇ ਕਾਫ਼ਲੇ ਕਿਸਾਨੀ ਮੋਰਚੇ ਲਈ ਰਵਾਨਾ ਹੋਏ ਹਨ।
ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਾ
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਆਖਿਆ ਕਿ ਕਿਸਾਨਾਂ ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ, ਪਰ ਸਰਕਾਰਾਂ ਨੂੰ ਕਿਸੇ ਦੀ ਜਾਨ ਦੀ ਕੋਈ ਪਰਵਾਹ ਨਹੀਂ ਹੈ। ਇਸ ਲਈ ਸਭ ਤੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਮਰੋਚੇ 'ਚ ਪਹੁੰਚਣਾ ਚਾਹੀਦਾ, ਤਾਂ ਜੋ ਸਰਕਾਰਾਂ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇ। ਉਨ੍ਹਾਂ ਆਖਿਆ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਾਰ-ਵਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਡੱਲੇਵਾਲ ਤੇ ਅੰਦੋਲਨ ਨੂੰ ਲੈ ਕੇ ਪਹਿਲਾ ਸੁਪਰੀਮ ਕੋਰਟ ਵਿੱਚ ਸੁਣਵਾਈ
ਇਸ ਤੋਂ ਪਹਿਲਾਂ, 13 ਦਸੰਬਰ ਨੂੰ ਸੁਣਵਾਈ ਹੋਈ ਸੀ, ਜਿਸ ਵਿਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ਜਾਂ ਕੁਝ ਸਮੇਂ ਲਈ ਤਬਦੀਲ ਕਰਨ ਲਈ ਮਨਾਵੇ। ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।
ਕੇਂਦਰ ਸਰਕਾਰ ਦੇ ਖਿਲਾਫ ਅੰਦੋਲਨ
ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਬਾਰਡਰ 'ਤੇ ਅੰਦੋਲਨ ਚੱਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਡੱਲੇਵਾਲ ਮਰਨ ਵਰਤ 'ਤੇ ਬੈਠ ਕੇ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਦੇ ਲਈ ਸੰਘਰਸ਼ ਕਰ ਰਿਹਾ ਹੈ ਪਰ ਦੂਸਰੇ ਪਾਸੇ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 2020 ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਅੰਦੋਲਨ ਲੜਿਆ ਗਿਆ ਸੀ ਤਾਂ ਉਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ, ਰੇਲਵੇ ਲਾਈਨਾਂ ਜਾਮ ਕੀਤੀਆਂ ਗਈਆਂ, ਮੋਟਰਸਾਈਕਲ ਮਾਰਚ ਅਤੇ ਟਰੈਕਟਰ ਮਾਰਚ ਕੀਤੇ ਗਏ ਅਤੇ ਮੀਟਿੰਗਾਂ ਕੀਤੀਆਂ ਗਈਆਂ ਹਨ। ਉਸ ਤੋਂ ਬਾਅਦ ਹੀ ਕਿਸਾਨੀ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਜਿਸ ਦੇ ਚਲਦਿਆਂ ਵੱਡੀ ਤਾਦਾਦ ਦੇ ਵਿੱਚ ਕਿਸਾਨ ਉਸ ਅੰਦੋਲਨ ਦੇ ਨਾਲ ਜੁੜੇ ਹਨ।