ਹੱਕੀ ਮੰਗਾਂ ਲਈ ਪ੍ਰਦਰਸ਼ਨ (ਬਠਿੰਡਾ ਰਿਪੋਟਰ) ਬਠਿੰਡਾ:ਪੁਰਾਣੀ ਪੈਨਸ਼ਨ ਸਕੀਮ ਬਹਾਲੀ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਵੱਲੋਂ ਹੁਣ ਛੁੱਟੀਆਂ ਹੁੰਦੇ ਹੀ ਫਿਰ ਮੁੜ ਸੜਕਾਂ ਉੱਤੇ ਉਤਰਦੇ ਹੋਏ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਡੈਮੋਕਰੇਟਿਕ ਟੀਚਰ ਫਰੰਟ ਵੱਲੋਂ ਅੱਜ ਦੁਪਹਿਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਅੱਗੇ ਪਹੁੰਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ।
ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸੰਘਰਸ਼: ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਉਹਨਾਂ ਨੂੰ ਲਾਰਿਆਂ ਵਿੱਚ ਰੱਖਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਉੱਤੇ ਹਾਮੀ ਭਰਨ ਦੇ ਬਾਵਜੂਦ ਲਾਗੂ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਮਜ਼ਦੂਰਾਂ ਅੱਜ ਹੋ ਸੜਕਾਂ ਉੱਤੇ ਉਤਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਲੋਕਾਂ ਦੇ ਕੰਨਾਂ ਤੱਕ ਅਵਾਜ਼ ਪਹੁੰਚਉਣ ਦੀ ਕੋਸ਼ਿਸ਼: ਭਾਵੇਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਚੋਣ ਮੈਦਾਨ ਵਿੱਚ ਉਤਰੀਆਂ ਹੋਈਆਂ ਹਨ ਪਰ ਉਹ ਇਹਨਾਂ ਸਿਆਸੀ ਲੋਕਾਂ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਇਹ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਇਸੇ ਲੜੀ ਤਹਿਤ 26 ਮਈ ਨੂੰ ਬਰਨਾਲਾ ਵਿਖੇ ਹੋਣ ਵਾਲੀ ਸੰਗਰਾਮ ਰੈਲੀ ਵਿੱਚ ਡੈਮੋਕਰੇਟਿਕ ਟੀਚਰ ਫਰੰਟ ਦੇ ਆਗੂ ਵੱਧ ਚੜ ਕੇ ਹਿੱਸਾ ਲੈਣਗੇ ਅਤੇ ਲੋਕਾਂ ਨੂੰ ਅਪੀਲ ਕਰਨਗੇ ਕਿ ਆਪਣੇ ਅਧਿਕਾਰ ਲੈਣ ਲਈ ਵੋਟਾਂ ਦੇ ਨਾਲ ਨਾਲ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਹਿੱਸਾ ਬਣਨ ਤਾਂ ਜੋ ਅਸੀਂ ਆਪਣੇ ਹੱਕ ਸੰਘਰਸ਼ ਕਰਕੇ ਲੈ ਸਕੀਏ।
ਡੀਸੀ ਨੂੰ ਮੰਗ ਪੱਤਰ: ਅਧਿਆਪਕਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਬਠਿੰਡਾ ਦੇ ਡੀਸੀ ਹੱਥ ਮੰਗ ਪੱਤਰ ਪੰਜਾਬ ਸਰਕਾਰ ਨੂੰ ਸੌਂਪੇ ਗਏ ਹਨ। ਜੇਕਰ ਸਰਕਾਰ ਨੇ ਇਸ ਮਸਲੇ ਦਾ ਹੱਲ ਜਲਦ ਨਾ ਕੀਤਾ ਤਾਂ ਇਸ ਦੇ ਨਤੀਜੇ ਸਰਕਾਰ ਨੂੰ ਸਿਰ ਉੱਤੇ ਖੜ੍ਹੀਆਂ ਚੋਣਾਂ ਦੌਰਾਨ ਭੁਗਤਣੇ ਪੈਣਗੇ।