ਅੰਮ੍ਰਿਤਸਰ:ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਕਈ ਮ੍ਰਿਤਕ ਪੰਜਾਬੀਆਂ ਦੀਆਂ ਦੇਹਾਂ ਭਾਰਤ ਆ ਚੁੱਕੀਆਂ ਹਨ। ਇਸ ਦੇ ਚੱਲਦੇ ਹੁਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਨਾਲ ਸਬੰਧਤ 37 ਸਾਲ ਦੇ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 38 ਦਿਨਾਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ।
ਦੁਬਈ 'ਚ ਹੋਈ ਸੀ ਨੌਜਵਾਨ ਦੀ ਮੌਤ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਨੇ ਦੱਸਿਆ ਕਿ ਰਮਨ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਫਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 22 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਰਮਨ ਕੁਮਾਰ ਦੇ ਮਾਸੀ ਦੇ ਪੁੱਤਰ ਸਾਗਰ ਅਤੇ ਉਸ ਦੇ ਦੋਸਤਾਂ ਨੇ ਸੰਪਰਕ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਸ ਦੇ ਵਾਰਸਾਂ ਤੱਕ ਭੇਜਣ ਲਈ ਕਿਹਾ ਸੀ।