ਤਰਨਤਾਰਨ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 18 ਸਤੰਬਰ 2024 ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਮਨਾਈ ਜਾ ਰਹੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਕੀਤੀ ਜਾ ਰਹੀ ਹੈ। ਇੰਨ੍ਹਾ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਕਮੇਟੀ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿੱਚ ਹੋਈ।
ਇਸ ਮੌਕੇ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ,ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ਼ਮੂਲੀਅਤ ਕਰਦੇ ਹੋਏ 14 ਅਪਰੈਲ ਨੂੰ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਲਈ ਉਲੇਕੇ ਪ੍ਰੋਗਰਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ 14 ਅਪਰੈਲ ਨੂੰ ਵਿਸ਼ੇਸ਼ ਤੌਰ ਤੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਪੰਜ ਪਿਆਰੇ ਸਾਹਿਬਾਨ ਦੇ ਰੂਪ ਵਿੱਚ ਸ਼ਾਮਲ ਹੋ ਕੇ ਅੰਮ੍ਰਿਤ ਸੰਚਾਰ ਕਰਵਾਉਣਗੇ। ਇਸੇ ਤਰ੍ਹਾਂ ਸ਼ਤਾਬਦੀ ਸਬੰਧੀ ਸ੍ਰੀ ਗੁਰੂ ਅਮਰਦਾਸ ਜੀ ਨਾਲ ਸੰਬੰਧਤ ਹੋਰ ਅਸਥਾਨਾ ਤੇ ਵੀ ਗੁਰਮਤਿ ਸਮਾਗਮ ਕੀਤੇ ਜਾਣਗੇ।