ਬਰਨਾਲਾ: ਆਮ ਆਦਮੀ ਪਾਰਟੀ ਵਲੋਂ ਅਰਵਿੰਦ ਕੇਜਰੀਵਾਲ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਜੇਪੀ ਦੀ ਕੇਂਦਰ ਸਰਕਾਰ ਵਿਰੁੱਧ ਆਮ ਆਦਮੀ ਪਾਰਟੀ ਨੇ ਜਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ। ਕੈਬਨਿਟ ਮੰਤਰੀ ਤੇ ਸੰਗਰੂਰ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਧਰਨੇ ਵਿੱਚ ਵਿਸ਼ੇ਼ਸ ਤੌਰ 'ਤੇ ਸ਼ਾਮਲ ਹੋਏ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਬੀਜੇਪੀ ਸਰਕਾਰ ਨੇ ਪੂਰੇ ਦੇਸ਼ ਵਿੱਚ ਡਿਕਟੇਟਰਸ਼ਿਪ ਦਾ ਰਵੱਈਆ ਅਪਣਾਇਆ ਹੋਇਆ ਹੈ। ਜੋ ਵੀ ਪਾਰਟੀ ਜਾਂ ਨੇਤਾ ਭਾਜਪਾ ਦੀ ਅਗਵਾਈ ਨਹੀਂ ਕਬੂਲ ਕਰ ਰਹੀ, ਉਹਨਾਂ ਉੱਪਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਝੂਠੇ ਕੇਸਾਂ ਵਿੱਚ ਫ਼ਸਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੇ ਸਾਥੀ ਈਡੀ ਅਤੇ ਸੀਬੀਆਈ ਤੋਂ ਡਰ ਕੇ ਬੀਜੇਪੀ ਵਿੱਚ ਸ਼ਾਮਲ ਨਹੀਂ ਹੋਏ, ਇਸੇ ਕਰਕੇ ਮਨੀ ਲਾਡਰਿੰਗ ਅਤੇ ਸ਼ਰਾਬ ਮਾਮਲੇ ਵਿੱਚ ਝੂਠੇ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਫ਼ਸਾਇਆ ਜਾ ਰਿਹਾ ਹੈ।