ਮੋਗਾ :ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਪਿੰਡ ਰੋਲੀ ਨੇੜੇ ਮਿਲੀ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਬੱਚਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਸੀ, ਜਿਸਦੀ ਪੁਲਿਸ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਦੀਪ ਸਿੰਘ ਨਸ਼ੇੜੀ ਸੀ ਜੋ ਨਸ਼ਾ ਛੱਡਣ ਲਈ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਹੋਇਆ ਸੀ ਅਤੇ ਦੋ ਦਿਨ ਪਹਿਲਾਂ ਹੀ ਉੱਥੋਂ ਵਾਪਸ ਆਇਆ ਸੀ।
ਸ਼ੱਕੀ ਹਲਾਤਾਂ ਵਿੱਚ ਨੌਜਵਾਨ ਦੀ ਮਿਲੀ ਲਾਸ਼ (ETV Bharat) ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਕੱਲ੍ਹ ਦੁਪਹਿਰ 2 ਵਜੇ ਘਰੋਂ ਨਿਕਲਿਆ ਸੀ। ਉਹ ਸਾਰੀ ਰਾਤ ਉਸਨੂੰ ਭਾਲ ਰਹੇ ਸਨ। ਅੱਜ ਸਵੇਰੇ ਹੀ ਪਤਾ ਲੱਗਾ ਕਿ ਉਸਦੀ ਮੌਤ ਹੋ ਗਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੀ ਪਤਨੀ ਅਤੇ ਬੇਟੇ ਨੂੰ ਪਿੱਛੇ ਛੱਡ ਗਿਆ ਹੈ।
ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ
ਉੱਥੇ ਹੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਰੋਲੀ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਪੋਸਟਮਾਰਟਮ ਕਰਨ ਲਈ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਕਿ ਮ੍ਰਿਤਕ ਗੁਰਦੀਪ ਸਿੰਘ ਦੀ ਉਮਰ ਲਗਭਗ 40 ਸਾਲ ਸੀ ਅਤੇ ਪਿੰਡ ਕਪੂਰੇ ਦਾ ਰਹਿਣ ਵਾਲਾ ਸੀ ਅਤੇ ਉਹ ਨਸ਼ੇ ਦਾ ਆਦੀ ਸੀ।
ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਸਨੇ ਨਸ਼ਾ ਛੱਡ ਦਿੱਤਾ ਸੀ। ਥਾਣਾ ਮਹਿਣਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।