ਹੁਸ਼ਿਆਰਪੁਰ :ਚੰਡੀਗੜ੍ਹ ਮਾਰਗ 'ਤੇ ਸਥਿਤ ਕਸਬਾ ਮਾਹਿਲਪੁਰ ਵਿਖੇ ਇੱਕ ਸੁਨਸਾਨ ਇਲਾਕੇ ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਉਥੇ ਹੀ ਮਾਮਲੇ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ 'ਤੇ ਪਹੁੰਚੇ ਥਾਣਾ ਮਾਹਿਲਪੁਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੀ ਖਬਰ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ, ਜਿੰਨਾ ਵੱਲੋਂ ਜਾਂਚ ਆਰੰਭ ਕਰਦੇ ਹੋਏ ਮ੍ਰਿਤਕ ਨੌਜਵਾਨ ਦੀ ਦੇਹ ਅਤੇ ਉਸ ਦੇ ਕੋਲ ਪਿਆ ਸਾਰਾ ਸਮਾਨ ਵੀ ਬਰਾਮਦ ਕਰ ਲਿਆ ਗਿਆ ਹੈ। ਜਿਸ ਵਿੱਚ ਨੌਜਵਾਨ ਦਾ ਮੋਟਰਸਾਈਕਲ, ਨਸ਼ੇ ਦਾ ਟੀਕਾ, ਇਕ ਤੇਜ਼ਧਾਰ ਹਥਿਆਰ, ਨਸ਼ੇ ਲਈ ਵਰਤਿਆ ਗਿਆ ਇੱਕ ਚਮਚ ਬਰਾਮਦ ਕੀਤੇ ਹਨ।
ਪਹਿਲਾਂ ਵੀ ਇੱਕ ਨੌਜਵਾਨ ਪੁੱਤ ਗਵਾ ਚੁੱਕਿਆ ਹੈ ਪਰਿਵਾਰ :ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੀਤੇ ਕੱਲ੍ਹ ਤੋਂ ਘਰੋਂ ਲਾਪਤਾ ਸੀ ਤੇ ਉਸਦਾ ਫੋਨ ਬੰਦ ਆ ਰਿਹਾ ਸੀ। ਅੱਜ ਉਨ੍ਹਾਂ ਦੇ ਪੁੱਤ ਦੀ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਵੱਡੇ ਪੁੱਤ ਦਾ ਵੀ ਮਾਹਿਲਪੁਰ 'ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਉਨ੍ਹਾਂ ਦੇ ਛੋਟੇ ਪੁੱਤ ਦੀ ਵੀ ਮੌਤ ਹੋ ਚੁੱਕੀ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਹਨਾਂ ਨੂੰ ਇਨਸਾਫ ਮਿਲ ਸਕੇ। ਭਾਵੁਕ ਪਿਤਾ ਨੇ ਕਿਹਾ ਕਿ ਪਹਿਲਾਂ ਸਾਡੇ ਇੱਕ ਪੁੱਤ ਦੀ ਜਾਨ ਗਈ ਤਾਂ ਸਾਡੀ ਸੁਣਵਾਈ ਤੱਕ ਨਹੀਂ ਹੋਈ। ਹੁਣ ਪੁਲਿਸ ਤੋਂ ਮੰਗ ਕਰਦੇ ਹਾਂ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ।