ਬਠਿੰਡਾ: ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਦੁਬਾਰਾ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ਵਿਖੇ ਗੋਲੀ ਦਾ ਸ਼ਿਕਾਰ ਹੋਏ ਪਿੰਡ ਬੱਲੋ ਦੇ ਰਹਿਣ ਵਾਲੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜਤਾਉਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਉਸ ਦੇ ਘਰ ਪਹੁੰਚਿਆ। ਸ਼ੁਭਕਰਨ ਸਿੰਘ ਦੀ ਮੌਤ ਕਾਰਨ ਜਿੱਥੇ ਪਿੰਡ ਬੱਲੋ ਵਿੱਚ ਸੋਗ ਦਾ ਮਾਹੌਲ ਹੈ ਉੱਥੇ ਹੀ ਪਰਿਵਾਰ ਗਹਿਰੇ ਸਦਮੇ ਵਿੱਚ ਹੈ।
ਦੋ ਭੈਣਾਂ ਦੇ ਇਕਲੌਤੇ ਭਰਾ ਅਤੇ ਤਿੰਨ ਏਕੜ ਤੋਂ ਘੱਟ ਜਮੀਨ ਦੇ ਮਾਲਕ ਸ਼ੁਭ ਕਰਨ ਸਿੰਘ ਉੱਤੇ ਲੱਖਾਂ ਰੁਪਏ ਦਾ ਕਰਜ਼ਾ ਸੀ। ਸ਼ੁਭਕਰਨ ਸਿੰਘ 13-14 ਫਰਵਰੀ ਨੂੰ ਖਨੌਰੀ ਬਾਰਡਰ ਉੱਤੇ ਗਿਆ ਜਿੱਥੇ ਬੀਤੇ ਦਿਨੀ ਸ਼ੁਭਕਰਨ ਸਿੰਘ ਦੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦੇ ਹੀ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਿੱਥੇ ਪਿੰਡ ਵਾਸੀ ਪਹੁੰਚ ਰਹੇ ਹਨ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਹਰਿਆਣਾ ਸਰਕਾਰ ਵੱਲੋਂ ਤਸ਼ੱਦਦ ਮੰਦਭਾਗਾ:ਪਰਿਵਾਰਕ ਮੈਂਬਰ ਬੂਟਾ ਸਿੰਘ ਦਾ ਕਹਿਣਾ ਹੈ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਜਿਸ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ ਉਹ ਬਹੁਤ ਹੀ ਮੰਦਭਾਗਾ ਹੈ। ਇਸ ਤਸ਼ੱਦਦ ਕਾਰਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋਈ ਹੈ ਅਤੇ ਇਸ ਮੌਤ ਦਾ ਵੱਡਾ ਕਾਰਨ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਗੋਲੀ ਹੈ। ਉਹ ਮੰਗ ਕਰਦੇ ਹਨ ਕਿ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦੇ ਹੋਏ ਉਸ ਦੀ ਪਿੰਡ ਵਿੱਚ ਜਿੱਥੇ ਯਾਦਗਾਰ ਸਥਾਪਿਤ ਕੀਤੀ ਜਾਵੇ ਉੱਥੇ ਹੀ ਪਰਿਵਾਰ ਦੇ ਮੈਂਬਰਾਂ ਨੂੰ ਇੱਕ ਸਰਕਾਰੀ ਨੌਕਰੀ ਦੇ ਨਾਲ ਨਾਲ ਕਰਜਾ ਮਾਫੀ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿੰਨਾਂ ਸਮਾਂ ਉਹਨਾਂ ਦੀਆਂ ਮੰਗਾਂ ਲਿਖਤੀ ਨਹੀਂ ਮੰਨੀਆਂ ਜਾਂਦੀਆਂ ਉਹ ਸ਼ੁਭਕਰਨ ਸਿੰਘ ਦਾ ਸਸਕਾਰ ਨਹੀਂ ਕਰਨਗੇ ਅਤੇ ਐਸਕੇਐਮ ਦੇ ਫੈਸਲੇ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ।
ਉੱਧਰ ਦੂਸਰੇ ਪਾਸੇ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹੁੰਚੇ ਐਸਡੀਐਮ ਮੌੜ ਡਾਕਟਰ ਨਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹਨਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਹਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਅਤੇ ਇਹਨਾਂ ਦੀਆਂ ਮੰਗਾਂ ਸਬੰਧੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਸ਼ੁਭਕਰਨ ਸਿੰਘ ਦੇ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਸਬੰਧੀ ਗੱਲਬਾਤ ਕੀਤੀ ਜਾ ਰਹੀ ਅਤੇ ਪਰਿਵਾਰ ਸਿਰ ਚੜੇ ਕਰਜ਼ੇ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।