ਪੰਜਾਬ

punjab

ETV Bharat / state

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ, ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਿੱਤਾ ਹੁਕਮ - EC of India issued instructions - EC OF INDIA ISSUED INSTRUCTIONS

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਆਂ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

EC OF INDIA ISSUED INSTRUCTIONS
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

By ETV Bharat Punjabi Team

Published : Apr 3, 2024, 10:59 PM IST

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਾਰੇ ਲੋੜੀਂਦੇ ਪ੍ਰਬੰਧ ਕਰਨ।

ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ 'ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੋਟਰਾਂ ਦੀ ਗਿਣਤੀ ਵਧਾਉਣ, ਵੈਬਕਾਸਟਿੰਗ ਦੇ ਪ੍ਰਬੰਧਾਂ ਅਤੇ ਪੋਲਿੰਗ ਸਟੇਸ਼ਨਾਂ 'ਤੇ ਸਾਰੀਆਂ ਤਿਆਰੀਆਂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਡੀਸੀਜ਼, ਸੀਪੀਜ਼ ਅਤੇ ਐਸਐਸਪੀਜ਼ ਨਾਲ ਚੋਣ ਪ੍ਰਕਿਰਿਆ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਅਤੇ ਜਾਣਕਾਰੀ ਵੀ ਸਾਂਝੀ ਕੀਤੀ।

ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਯਕੀਨ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ 'ਤੇ ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਪਹਿਲਾਂ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਮਾਲੇਰਕੋਟਲਾ ਦੀ ਇੱਕ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ 'ਬੂਥ ਰਾਬਤਾ' ਨਾਮਕ ਇੱਕ ਵਿਸ਼ੇਸ਼ ਐਪਲੀਕੇਸ਼ਨ ਤਿਆਰ ਕਰਨ ਲਈ ਸ਼ਲਾਘਾ ਕੀਤੀ ਗਈ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਅਪਹਾਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨਾ ਅਤੇ ਆਪਣੇ ਬੀ.ਐਲ.ਓ. ਨੂੰ ਜਾਣਨਾ ਸ਼ਾਮਲ ਹੈ।

ਚੋਣ ਕਮਿਸ਼ਨ ਦੀ ਟੀਮ ਨੇ 70% ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰਾਂ ਦੀ ਗਿਣਤੀ ਵਧਾਉਣ ਵਾਸਤੇ ਟਰਨਆਊਟ ਇੰਪਲੀਮੈਨਟੇਸ਼ਨ ਪਲਾਨ ਸਮੇਤ ਤਿੰਨ ਕਿਤਾਬਾਂ, ਸੂਬਾ ਅਤੇ ਜ਼ਿਲ੍ਹਾ ਪ੍ਰੋਫਾਈਲ ਦੇ ਨਾਲ ਵੋਟਿੰਗ ਦੀ ਤਿਆਰੀ ਬਾਰੇ ਹੈਂਡਬੁੱਕ ਅਤੇ ਚੋਣਾਂ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਬੁੱਕਲੈਟ ਵੀ ਰਿਲੀਜ਼ ਕੀਤੀ।(ਪ੍ਰੈੱਸ ਨੋਟ)

ABOUT THE AUTHOR

...view details