ਅੰਮ੍ਰਿਤਸਰ:ਲੋਕ ਸਭਾ 2024 ਦੀਆਂ ਚੋਣਾਂ ਦੇ ਵਿੱਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਵਿੱਚ ਜਿੱਤ ਹਾਸਿਲ ਕਰਵਾਈ ਹੈ। ਭਾਈ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਲੱਗੀ ਹੋਈ ਹੈ ਅਤੇ ਉਹ ਅਸਾਮ ਦੀ ਡਿੱਬੜੁਗੜ ਜੇਲ੍ਹ ਦੇ ਵਿੱਚ ਬੰਦ ਹਨ। ਜਦੋਂ ਅੰਮ੍ਰਿਤਪਾਲ ਸਿੰਘ ਨੂੰ ਹਲਫ ਦਵਾਇਆ ਗਿਆ ਸੀ ਉਦੋਂ ਵੀ ਉਨ੍ਹਾਂ ਨੂੰ ਬੰਦ ਗੱਡੀ ਦੇ ਵਿੱਚ ਹੀ ਦਿੱਲੀ ਲਿਆਂਦਾ ਗਿਆ ਸੀ। ਜਿਸ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਦੇ ਲੋਕਾਂ ਵਿੱਚ ਵੀ ਰੋਸ ਦੇਖਣ ਨੂੰ ਮਿਲਿਆ ਸੀ।
ਵੱਡੀ ਗਿਣਤੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾਈ:ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਅੰਮ੍ਰਿਤਸਰ ਡੀਸੀ ਦਫਤਰ ਦੇ ਬਾਹਰ ਮਾਰਚ ਕਰਕੇ ਅੰਮ੍ਰਿਤਸਰ ਤੇ ਡਿਪਟੀ ਕਮਿਸ਼ਨਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਕਿ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾਈ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿੱਤ ਮਿਲੀ ਹੈ। ਇੱਥੋਂ ਤੱਕ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲੋਂ ਜਿਆਦਾ ਵੋਟਾਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਈਆਂ ਹਨ।