ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਸ੍ਰੀ ਮੁਕਤਸਰ ਸਾਹਿਬ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਪਿੰਡ ਵਿੱਚ ਮਨਾਈ ਜਾ ਰਹੀ ਹੈ। ਇਸ ਮੌਕੇ ਸਿਆਸਤ ਦੇ ਕਈ ਨਾਮੀ ਚਿਹਰੇ ਸਮਾਗਮ ਵਿੱਚ ਪਹੁੰਚ ਰਹੇ ਹਨ। ਪਹਿਲੀ ਬਰਸੀ ਪਿੰਡ ਬਾਦਲ ਵਿਖੇ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਪਿੰਡ ਬਾਦਲ ਵਿਖੇ ਸਮਾਗਮ ਲੰਬੀ ਬਾਦਲ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਪੰਡਾਲ ਕਰੀਬ 3 ਏਕੜ ਵਿਚ ਲਾਇਆ ਜਾ ਰਿਹਾ ਅਤੇ 25-50 ਫੁੱਟ ਦੀ ਸਟੇਜ ਤਿਆਰ ਕੀਤੀ ਜਾ ਰਹੀ ਹੈ ਅਤੇ ਸਵੇਰੇ ਸਾਢੇ ਦੱਸ ਵਜੇ ਦੇ ਕਰੀਬ ਸੁਖਮਨੀ ਸਾਹਿਬ ਦੇ ਭੋਗ ਪਾਏ ਜਾਣਗੇ।
ਸਸਕਾਰ ਪਿੰਡ ਬਾਦਲ ਵਿਖੇ ਹੋਇਆ ਸੀ: ਜ਼ਿਕਰਯੋਗ ਹੈ ਕਿ ਪਿਛਲੇ ਸਾਲ 25 ਅਪ੍ਰੈਲ ਨੂੰ ਸਿਹਤ ਵਿਗੜਨ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ। ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦਾ ਸਸਕਾਰ ਪਿੰਡ ਬਾਦਲ ਵਿਖੇ ਹੋਇਆ ਸੀ ਜਿਥੇ ਉਹਨਾਂ ਨੂੰ ਅੰਤਿਮ ਵਿਦਾਈ ਦੇਣ ਲਈ ਦੂਰੋਂ ਦੂਰੋਂ ਵੱਡੇ ਨਾਮੀ ਲੋਕ ਆਏ ਸਨ ਇਹਨਾਂ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਿਲ ਸਨ।
5 ਵਾਰ ਰਹੇ ਮੁੱਖ ਮੰਤਰੀ : ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਤੇ ਝਾਤ ਮਾਰੀਏ ਤਾਂ ਉਹਨਾਂ ਨੂੰ ਪੰਜਾਬ ਦੀ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਹਨਾਂ ਨੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣਨ ਦਾ ਮਾਨ ਹਾਸਿਲ ਕੀਤਾ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਸਿਆਸਤ ਦਾ ਹਿੱਸਾ ਰਹੇ ਅਤੇ ਇਸ ਨੂੰ ਨੇੜੇ ਤੋਂ ਦੇਖਣ ਵਾਲੇ ਲੋਕਾਂ ਨੇ ਉਹਨਾਂ ਦੀ ਸਿਆਸਤ, ਜ਼ਿੰਦਗੀ ਅਤੇ ਸਖਸ਼ੀਅਤ ਬਾਰੇ ਕਿੱਸੇ ਸਾਂਝੇ ਕੀਤੇ ਹਨ।
ਕੇਂਦਰੀ ਖੇਤੀ ਮੰਤਰੀ ਵੀ ਰਹੇ ਸਰਦਾਰ ਬਾਦਲ :ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ। 1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ। ਸਾਲ 2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਸਨ। ਇਸ ਤੋਂ ਪਹਿਲਾਂ ਉਹ 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਖੇਤੀ ਮੰਤਰੀ ਬਣੇ, ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰ ਵੱਲ ਨਹੀਂ ਤੱਕਿਆ ਅਤੇ ਆਪਣਾ ਪੂਰਾ ਧਿਆਨ ਸੂਬਾਈ ਸਿਆਸਤ ਉੱਤੇ ਕ੍ਰੇਂਦਿਤ ਕੀਤਾ।