ਫਤਿਹਗੜ੍ਹ ਸਾਹਿਬ:ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ "ਖੇਡਾਂ ਵਤਨ ਪੰਜਾਬ ਦੀਆਂ" ਦੇ ਪਿਛਲੇ 2 ਸਾਲ ਦੀ ਸਫਲਤਾਂ ਤੋਂ ਬਾਅਦ ਇਸ ਸਾਲ ਸੀਜ਼ਨ-3 ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਕੀਤਾ ਜਾ ਰਿਹਾ ਹੈ। ਜੋ ਅੱਜ ਜ਼ਿਲ੍ਹਾ ਐੱਸ. ਏ.ਐੱਸ. ਨਗਰ ਤੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਦਾਖਲ ਹੋਇਆ। ਇਸ ਸਮਾਗਮ ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਸ਼ਾਮਿਲ ਹੋਏ।
ਖੇਡਾਂ ਦੀ ਸਫਲਤਾ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ:ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪਿਛਲੇ 2 ਸਾਲ ਦੀਆਂ "ਖੇਡਾਂ ਵਤਨ ਪੰਜਾਬ ਦੀਆਂ" ਦੀ ਸਫਲਤਾਂ ਤੋਂ ਬਾਅਦ ਇਸ ਸਾਲ ਸੀਜ਼ਨ-3 ਉਲੀਕਿਆ ਗਿਆ ਹੈ। "ਖੇਡਾਂ ਵਤਨ ਪੰਜਾਬ ਦੀਆਂ" ਇਤਿਹਾਸਕ ਕਦਮ ਹਨ। ਇਨ੍ਹਾਂ ਨਾਲ ਜਿੱਥੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਢੁੱਕਵਾਂ ਮੌਕਾ ਮਿਲਦਾ ਹੈ। ਉੱਥੇ ਨੌਜਵਾਨਾਂ ਨੂੰ ਵੱਖ-ਵੱਖ ਅਲਾਮਤਾਂ ਤੋਂ ਬਚਾਅ ਕੇ ਸਹੀ ਰਾਹ ਉੱਤੇ ਵੀ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਸਫਲਤਾ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਖਿਡਾਰੀਆਂ ਨੂੰ ਸਹੂਲਤਾਂ ਦੇਣਾ ਸਰਕਾਰ ਦਾ ਪਹਿਲਾ ਫਰਜ਼ ਹੈ, ਜਿਹੜਾ ਕਿ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ।
ਖੇਡਾਂ ਕਰਵਾਉਣ ਹਿੱਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ:ਹਲਕਾ ਵਿਧਾਇਕ ਨੇ ਕਿਹਾ ਉਹ ਆਪਣੇ ਹਲਕੇ ਵਿੱਚ ਵੱਡੀ ਗਿਣਤੀ ਖੇਡ ਮੈਦਾਨ ਬਣਾ ਰਹੇ ਹਨ, ਜਿਸ ਨਾਲ ਖਿਡਾਰੀਆਂ ਨੂੰ ਬਹੁਤ ਉਤਸ਼ਾਹ ਮਿਲ ਰਿਹਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਾਰਨ ਉਹ ਕਦੇ ਵੀ ਖੇਡਾਂ ਨੂੰ ਨਾ ਛੱਡਣ। ਸਰਕਾਰ ਵੱਲੋਂ ਜਿਹੜੀ ਵੀ ਮਦਦ ਦੀ ਲੋੜ ਹੈ, ਉਹ ਹਰ ਹਾਲ ਦਿੱਤੀ ਜਾਵੇਗੀ। ਖਿਡਾਰੀਆਂ ਨੂੰ ਖੇਡਾਂ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਖੇਡਾਂ ਕਰਵਾਉਣ ਹਿੱਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।
ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਕੁੱਲ ਮਿਲਾ ਕੇ ਖੇਡਾਂ ਦੀ ਗਿਣਤੀ:ਉਨ੍ਹਾਂ ਕਿਹਾ ਕਿ ਭਾਗੀਦਾਰ ਖਿਡਾਰੀਆਂ ਲਈ ਆਨਲਾਈਨ ਰਜਿਸਟਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਆਨਲਾਈਨ ਰਜਿਸਟਰੇਸ਼ਨ ਦੀ ਆਖਰੀ ਮਿਤੀ 29 ਅਗਸਤ ਹੈ ਅਤੇ ਜ਼ਿਲ੍ਹਾ ਐੱਸਏਐੱਸ ਨਗਰ ਦੇ ਬਲਾਕ ਪੱਧਰੀ ਮੁਕਾਬਲੇ 2 ਤੋਂ 7 ਸਤੰਬਰ ਤਕ ਖਰੜ, ਕੁਰਾਲੀ, ਮੁਹਾਲੀ ਅਤੇ ਡੇਰਾਬੱਸੀ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ’ਤੇ, ਭਾਗੀਦਾਰਾਂ ਨੂੰ 7 ਖੇਡਾਂ ਲਈ ਮੁਕਾਬਲਾ ਕਰਨਾ ਪੈਣਾ ਹੈ ਜਦੋਂ ਕਿ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਕੁੱਲ ਮਿਲਾ ਕੇ ਖੇਡਾਂ ਦੀ ਗਿਣਤੀ 37 ਹੋਵੇਗੀ।
ਖਿਡਾਰੀਆਂ ਨੂੰ ਸਨਮਾਨਤ ਕੀਤਾ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਸ਼ਾਲ ਰਿਲੇਅ ਦੇ ਪਹੁੰਚਣ ’ਤੇ ਖੇਡ ਕੰਪਲੈਕਸ ਵਿਖੇ ਹੈਂਡਬਾਲ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੂਬਾ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਦੇ ਖਿਡਾਰੀਆਂ ਨੂੰ ਇੱਕ ਕਰੋੜ ਰੁਪਏ ਤੱਕ ਦੇ ਨਕਦ ਇਨਾਮਾਂ ਨਾਲ ਸਨਮਾਨਤ ਕਰਨ ਤੋਂ ਇਲਾਵਾ ਪੰਜਾਬ ਦੇ ਹੋਰ ਖੇਡਾਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਤ ਕੀਤਾ, ਜਿਨ੍ਹਾਂ ਨੇ ਓਲੰਪਿਕ ’ਚ ਭਾਰਤ ਦੀ ਨੁਮਾਇੰਦਗੀ ਕੀਤੀ ਸੀ। ਸੈਕਟਰ 78 ਦੇ ਸਟੇਡੀਅਮ ’ਚ ਰੁਕਣ ਬਾਅਦ ਟੌਰਚ ਰਿਲੇਅ ਅਗਲੇ ਜ਼ਿਲ੍ਹੇ ਲਈ ਸੈਂਕੜੇ ਖਿਡਾਰੀਆਂ ਦੀ ਸ਼ਮੂਲੀਅਤ ਦਰਮਿਆਨ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਬੇਗਰਾ ਵੱਲੋਂ ਲਾਂਡਰਾਂ-ਚੁੰਨੀ ਮਾਰਗ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਮਸ਼ਾਲ ਸੌਂਪੀ ਗਈ।