ਚੰਡੀਗੜ੍ਹ: ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਲਈ ਲਗਾਤਾਰ ਸੰਘਰਸ਼ ਕੀਤਾ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਡੱਕਣ ਲਈ ਤਮਾਮ ਸਰਕਾਰੀ ਤੰਤਰ ਦਾ ਇਸਤੇਮਾਲ ਕੀਤਾ। ਇਸ ਦੌਰਾਨ ਇੱਕ ਕਿਸਾਨ ਸ਼ੁਭਕਰਨ ਦੀ ਮੌਤ ਵੀ ਹੋਈ। ਹੁਣ ਇਸ ਤੋਂ ਬਾਅਦ ਖਨੌਰੀ ਬਾਰਡਰ ਉੱਤੇ ਜ਼ਖ਼ਮੀ ਹੋਏ ਕਿਸਾਨ ਪ੍ਰਿਤਪਾਲ ਸਿੰਘ ਦਾ ਮਾਮਲਾ ਗਰਮਾ ਗਿਆ ਹੈ।
ਹਾਈਕੋਰਟ ਦਾ ਹੁਕਮ: ਮਾਮਲੇ ਵਿੱਚ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੇ ਸੀਜੇਐਮ ਨੂੰ ਹੁਕਮ ਜਾਰੀ ਕੀਤੇ ਹਨ। ਹੁਕਮ ਜਾਰੀ ਕਰਦਿਆਂ ਹਾਈਕੋਰਟ ਸੀਜੇਐਮ ਨੂੰ ਪ੍ਰੀਤਪਾਲ ਸਿੰਘ ਦੇ ਬਿਆਨ ਦਰਜ ਕਰਨ ਲਈ ਕਿਹਾ ਹੈ। ਬੀਤੇ ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪ੍ਰੀਤਪਾਲ ਸਿੰਘ ਦੇ ਬਿਆਨ ਦਰਜ ਕਰਨ ਸਮੇਂ ਇੱਕ ਡਾਕਟਰ ਦੀ ਮੌਜੂਦਗੀ ਅਤੇ ਨਾਲ ਹੀ ਹਰਿਆਣਾ ਪੁਲਿਸ ਦੇ ਏਸੀਪੀ ਨੂੰ ਵੀ ਮੌਜੂਦ ਰਹਿਣ ਦੇ ਹੁਕਮ ਦਿੱਤੇ ਸਨ। ਸੁਣਵਾਈ ਦੌਰਾਨ ਪ੍ਰੀਤਪਾਲ ਸਿੰਘ ਦੇ ਪਿਤਾ ਵੱਲੋਂ ਵਕੀਲ ਈਸ਼ ਪੁਨੀਤ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ ਪ੍ਰੀਤਪਾਲ ਦੀ ਹਾਲਤ ਹੁਣ ਅੱਗੇ ਨਾਲੋਂ ਕੁੱਝ ਠੀਕ ਹੈ ਅਤੇ ਫਿਲਹਾਲ ਉਹ ਆਪਣਾ ਬਿਆਨ ਦਰਜ ਕਰਵਾਉਣ ਦੇ ਸਮਰੱਥ ਹੈ।